ਕਿਹਾ, ਕੋਈ ਨਹੀਂ ਚਾਹੁੰਦਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਬਚ ਜਾਣ
ਬਰਨਾਲਾ, 7 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਧਾਨ ਸਭਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਵਿਚ ਅਪਰਾਧ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਕਾਨੂੰਨ-2026 ਪਾਸ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿ: ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਹੈ | ਇਸ ਸਬੰਧੀ ਅੱਜ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਸੰਧਵਾਂ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਉੱਪਰ ਹੈ ਅਤੇ ਇਸ ਸਰਵਉੱਚ ਸੰਸਥਾ ਤੋਂ ਬੁਲਾਵਾ ਆਉਣਾ ਬਹੁਤ ਵੱਡੀ ਗੱਲ ਹੈ | ਮੈਂ ਜ਼ਰੂਰ ਹਾਜ਼ਰ ਹੋਵਾਂਗਾ | ਬੇਅਦਬੀ ਕਾਨੂੰਨ ਵਿਚ ਕੀਤੀਆਂ ਗਈਆਂ ਸੋਧਾਂ ਬਾਰੇ ਬੋਲਦਿਆਂ ਸ: ਸੰਧਵਾਂ ਨੇ ਕਿਹਾ ਕਿ ਕੋਈ ਵੀ ਇਨਸਾਨ ਜਾਂ ਸਿੱਖ ਇਹ ਨਹੀਂ ਚਾਹੁੰਦਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਾ ਬਚ ਜਾਵੇ | ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ, ਗੁਰਜੀਤ ਸਿੰਘ ਰਾਮਣਵਾਸੀਆ, ਸੀਨੀਅਰ ਆਗੂ ਬੀਬੀ ਸੁਖਜੀਤ ਕੌਰ ਸੁੱਖੀ, ਰਾਮਗੜ੍ਹੀਆ ਸਿੱਖ ਆਰਗੇਨਾਈਜ਼ੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਸ਼ੰਟੀ ਆਦਿ ਹਾਜ਼ਰ ਸਨ |
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੁਲਾਵਾ ਆਉਣਾ ਵੱਡੀ ਗੱਲ, ਜ਼ਰੂਰ ਜਾਵਾਂਗਾ-ਕੁਲਤਾਰ ਸਿੰਘ ਸੰਧਵਾਂ
ਅਜੀਤ ਡੈਸਕ
08-05-2026