15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਜਪਾ 'ਚ ਸ਼ਾਮਿਲ ਹੁੰਦਿਆਂ ਹੀ ਪੰਜਾਬ ਵਿਚ ਐਫ.ਆਈ.ਆਰ.

ਅਜੀਤ ਡੈਸਕ 08-05-2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕੀਤਾ ਹਾਈ ਕੋਰਟ ਦਾ ਰੁਖ
ਚੰਡੀਗੜ੍ਹ, 7 ਮਈ (ਸੰਦੀਪ ਕੁਮਾਰ ਮਾਹਨਾ)-ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਹੁਣ ਆਪਣੇ ਖ਼ਿਲਾਫ਼ ਪੰਜਾਬ 'ਚ ਦਰਜ ਕਥਿਤ ਅਪਰਾਧਿਕ ਮਾਮਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਸੰਦੀਪ ਪਾਠਕ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ, ਪੰਜਾਬ ਪੁਲਿਸ ਤੇ ਸੰਬੰਧਿਤ ਏਜੰਸੀਆਂ ਤੋਂ ਇਹ ਪੂਰੀ ਜਾਣਕਾਰੀ ਮੰਗੀ ਹੈ ਕਿ ਉਨ੍ਹਾਂ ਖ਼ਿਲਾਫ਼ ਪੰਜਾਬ ਦੇ ਕਿਹੜੇ-ਕਿਹੜੇ ਪੁਲਿਸ ਥਾਣਿਆਂ 'ਚ, ਕਿਹੜੀ ਤਾਰੀਖ ਨੂੰ, ਕਿਹੜੀਆਂ ਧਾਰਾਵਾਂ ਹੇਠ ਅਤੇ ਕੁੱਲ ਕਿੰਨੀਆਂ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਪਟੀਸ਼ਨ 'ਚ ਸੰਦੀਪ ਪਾਠਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਿਆ ਕਿ ਪੰਜਾਬ ਵਿਚ ਉਨ੍ਹਾਂ ਖ਼ਿਲਾਫ਼ ਦੋ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, ਪਰ ਹੁਣ ਤੱਕ ਨਾ ਤਾਂ ਉਨ੍ਹਾਂ ਨੂੰ ਕਿਸੇ ਐਫ.ਆਈ.ਆਰ. ਦੀ ਕਾਪੀ ਦਿੱਤੀ ਗਈ ਹੈ ਅਤੇ ਨਾ ਹੀ ਅਧਿਕਾਰਕ ਤੌਰ 'ਤੇ ਇਹ ਦੱਸਿਆ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਕਿਹੜੇ-ਕਿਹੜੇ ਮਾਮਲੇ ਦਰਜ ਹਨ। ਉਨ੍ਹਾਂ ਅਦਾਲਤ ਨੂੰ ਕਿਹਾ ਕਿ ਜੇਕਰ ਦੋ ਤੋਂ ਇਲਾਵਾ ਹੋਰ ਕੋਈ ਐਫ.ਆਈ.ਆਰ. ਵੀ ਦਰਜ ਹੈ ਤਾਂ ਉਸ ਦੀ ਜਾਣਕਾਰੀ ਵੀ ਤੁਰੰਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਆਪਣੇ ਸੰਵਿਧਾਨਕ ਅਤੇ ਕਾਨੂੰਨੀ ਹੱਕਾਂ ਦਾ ਸਹੀ ਢੰਗ ਨਾਲ ਇਸਤੇਮਾਲ ਕਰ ਸਕਣ। ਸੰਦੀਪ ਪਾਠਕ ਨੇ ਆਪਣੀ ਪਟੀਸ਼ਨ 'ਚ ਇਹ ਵੀ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਜੇਕਰ ਉਨ੍ਹਾਂ ਖ਼ਿਲਾਫ਼ ਦਰਜ ਕਿਸੇ ਵੀ ਐਫ.ਆਈ.ਆਰ. 'ਚ ਕੋਈ ਸਖ਼ਤ ਕਦਮ ਚੁੱਕਣਾ ਚਾਹੁੰਦੀ ਹੈ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਪੂਰਾ ਸਮਾਂ ਦਿੱਤਾ ਜਾਵੇ ਤਾਂ ਜੋ ਉਹ ਕਾਨੂੰਨ ਅਨੁਸਾਰ ਆਪਣਾ ਬਚਾਅ ਕਰ ਸਕਣ। ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਜਾਣਕਾਰੀ ਦਿੱਤੇ ਅਚਾਨਕ ਕੀਤੀ ਗਈ ਕਾਰਵਾਈ ਉਨ੍ਹਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੋਵੇਗੀ। ਪਟੀਸ਼ਨ ਵਿਚ ਸੰਦੀਪ ਪਾਠਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਜਿਵੇਂ ਹੀ ਉਨ੍ਹਾਂ ਨੇ ਪਾਰਟੀ ਛੱਡ ਕੇ ਭਾਜਪਾ ਦਾ ਪੱਲਾ ਫੜਿਆ, ਉਸੇ ਸਮੇਂ ਤੋਂ ਸਿਆਸੀ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਾਰਾ ਘਟਨਾਕ੍ਰਮ ਸਿਆਸੀ ਰੰਜਿਸ਼ ਤੋਂ ਪ੍ਰੇਰਿਤ ਦਿਖਾਈ ਦਿੰਦਾ ਹੈ। ਸੰਦੀਪ ਪਾਠਕ ਨੇ ਕੋਰਟ ਨੂੰ ਇਹ ਵੀ ਕਿਹਾ ਕਿ ਮੀਡੀਆ ਵਿਚ ਐਫ.ਆਈ.ਆਰਾਂ ਦੀਆਂ ਖ਼ਬਰਾਂ ਆਉਣ ਦੇ ਬਾਵਜੂਦ ਉਨ੍ਹਾਂ ਨੂੰ ਅਧਿਕਾਰਕ ਜਾਣਕਾਰੀ ਨਾ ਦੇਣਾ ਕੁਦਰਤੀ ਨਿਆਂ ਦੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਅਜਿਹੇ 'ਚ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਮਾਮਲਿਆਂ ਦਾ ਪੂਰਾ ਰਿਕਾਰਡ ਉਪਲਬਧ ਕਰਵਾਇਆ ਜਾਵੇ। ਇਸ ਸੰਵੇਦਨਸ਼ੀਲ ਅਤੇ ਸਿਆਸੀ ਤੌਰ 'ਤੇ ਅਹਿਮ ਮਾਮਲੇ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੁੱਕਰਵਾਰ ਸਵੇਰੇ ਸੁਣਵਾਈ ਕਰਨਗੇ।

ਪਿਛਲੀ ਖ਼ਬਰ ਪੱਟੀ ਵਿਖੇ ਪਹੁੰਚਣ 'ਤੇ ਹਰਪ੍ਰੀਤ ਸਿੰਘ ਸੰਧੂ ਨੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੂੰ ਕੀਤਾ ਸਨਮਾਨਿਤ <br/>... ਅਗਲੀ ਖ਼ਬਰ ਪੰਜਾਬ 'ਚ ਲਗਾਤਾਰ ਹੋ ਰਹੇ ਬੰਬ ਧਮਾਕੇ ਚਿੰਤਾ ਦਾ ਵਿਸ਼ਾ-ਐਡਵੋਕੇਟ ਹਰਨਾਮਪੁਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।