07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

'ਆਪ' ਵਲੋਂ ਪੰਜਾਬ 'ਚ ਐਸ.ਆਈ.ਆਰ. ਦੌਰਾਨ ਇਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀ <br/>

ਅਜੀਤ ਡੈਸਕ 17-05-2026
ਕਿਹਾ, ਪੰਜਾਬ ਹਰ ਕੀਮਤ 'ਤੇ ਆਪਣੇ ਪਾਣੀ ਦੇ ਅਧਿਕਾਰਾਂ ਦੀ ਰਾਖੀ ਕਰੇਗਾ
ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਦੇਸ਼ ਦੇ ਕਈ ਸੂਬਿਆਂ 'ਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵਲੋਂ 'ਸਪੈਸ਼ਲ ਇੰਟੈਂਸਿਵ ਰਿਵੀਜ਼ਨ' (ਐਸ. ਆਈ. ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ 'ਆਪ' ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ 'ਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ (ਈ.ਸੀ.) ਨੂੰ ਐਸ.ਆਈ.ਆਰ. ਪ੍ਰਕਿਰਿਆ ਨੂੰ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਅਤੇ ਜਨਤਕ ਇਤਰਾਜ਼ਾਂ ਦਾ ਨਿਪਟਾਰਾ ਬਿਨਾਂ ਦੇਰੀ ਤੋਂ ਕਰਨ ਦੀ ਅਪੀਲ ਕੀਤੀ ਗਈ ਹੈ | ਇਸ ਦੇ ਨਾਲ ਹੀ ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿਚ ਕੀਤੇ ਭਾਰੀ ਵਾਧੇ ਦੀ ਸਖਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇਕ ਵਾਰ ਫਿਰ ਆਮ ਲੋਕਾਂ 'ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਬਚਤ ਕਰਨ ਦਾ ਸਬਕ ਦਿੰਦੇ ਹੋਏ ਵਿਦੇਸ਼ ਘੁੰਮ ਰਹੇ ਹਨ | ਇਸ ਦੇ ਨਾਲ ਹੀ ਭਾਖੜਾ ਦੇ ਪਾਣੀ ਦੀ ਵੰਡ ਦੇ ਸੰਵੇਦਨਸ਼ੀਲ ਮੁੱਦੇ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਾਲ ਹੀ ਵਿਚ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਪਸ਼ਟ ਕਿਹਾ ਕਿ ਪੰਜਾਬ ਹਰ ਕੀਮਤ 'ਤੇ ਆਪਣੇ ਪਾਣੀ ਦੇ ਅਧਿਕਾਰਾਂ ਦੀ ਰਾਖੀ ਕਰੇਗਾ | ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਆਪਣੇ ਕਾਨੂੰਨੀ ਤੌਰ 'ਤੇ ਨਿਰਧਾਰਿਤ ਕੋਟੇ ਅਨੁਸਾਰ ਹੀ ਪਾਣੀ ਮਿਲੇਗਾ ਅਤੇ ਇਹ ਪਾਣੀ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ ਨਹੀਂ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਕਿਸੇ ਵੀ ਦਬਾਅ ਹੇਠ ਆਪਣੇ ਪਾਣੀ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗਾ |

ਪਿਛਲੀ ਖ਼ਬਰ ਈ.ਡੀ. ਵਲੋਂ ਸਬ-ਰਜਿਸਟਰਾਰ ਮਾਜਰੀ ਦੇ ਦਫ਼ਤਰ 'ਚ ਛਾਪੇਮਾਰੀ <br/> ਅਗਲੀ ਖ਼ਬਰ ਯੋਗਰਾਜ ਸਿੰਘ ਵਲੋਂ ਅਗਾਊਾ ਜ਼ਮਾਨਤ ਅਰਜ਼ੀ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।