ਨਵੀਂ ਦਿੱਲੀ, 19 ਅਕਤੂਬਰ (ਪੀ.ਟੀ.ਆਈ.)-ਕਾਂਗਰਸ ਵਲੋਂ ਸਾਰੀਆਂ ਪਾਰਟੀਆਂ ਦੀ ਮੀਟਿੰਗ ਬੁਲਾਉਣ ਦੀ ਮੰਗ ’ਤੇ ਸਵਾਲ ਚੁੱਕਦਿਆਂ ਕੇਂਦਰ ਸਰਕਾਰ ਨੇ ਕਿਹਾ ਕਿ ਹੱਦਬੰਦੀ ਨਾਲ ਜੁੜੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਪਾਸ ਕਰਵਾਉਣ ਲਈ ਵਿਰੋਧੀ ਧਿਰ ਨਾਲ ਗੱਲਬਾਤ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਹੁਣ ਸਾਰੀਆਂ ਪਾਰਟੀਆਂ ਨੂੰ ਉਸਾਰੂ ਸਹਿਯੋਗ ਦੇਣ ਦੀ ਲੋੜ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੂੰ ਲਿਖੀ ਚਿੱਠੀ ’ਚ ਕਿਹਾ ਕਿ ਸਰਕਾਰ ਦੇਸ਼ ਦੇ ਮਹੱਤਵਪੂਰਨ ਮਾਮਲਿਆਂ ’ਤੇ ਵਿਚਾਰ-ਵਟਾਂਦਰੇ ਵਿਚ ਸਾਰੀਆਂ ਸਿਆਸੀ ਪਾਰਟੀਆਂ ਦੀ ਭਾਗੀਦਾਰੀ ਨੂੰ ਮਹੱਤਵ ਦਿੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਕਾਂਗਰਸ ਮਹੱਤਵਪੂਰਨ ਕਾਨੂੰਨ ਬਣਾਉਣ ਦੇ ਕੰਮ ਵਿਚ ਰੁਕਾਵਟ ਪਾਉਣ ਦੀ ਬਜਾਏ ਉਸਾਰੂ ਭੂਮਿਕਾ ਨਿਭਾਏਗੀ।