ਰਾਜਪਾਲ ਕਟਾਰੀਆ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ 2 ਦਿਨਾਂ ਐੱਫ. ਏ. ਪੀ. ਨੈਸ਼ਨਲ ਐਵਾਰਡਜ਼ ਦਾ ਉਦਘਾਟਨ
ਪਹਿਲੇ ਦਿਨ 1100 ਤੋਂ ਵੱਧ ਸਕੂਲਾਂ ਦੇ 761 ਪ੍ਰਿੰਸੀਪਲਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਕੀਤਾ ਸਨਮਾਨ ਐੱਸ. ਏ.
ਸ਼ਾਨਦਾਰ ਪ੍ਰਾਪਤੀਆਂ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਨਾਲ ਖੜ੍ਹੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਤੇ ਡਾ. ਜਗਜੀਤ ਸਿੰਘ ਧੂਰੀ। ਅਜੀਤ ਤਸਵੀਰ
28-11-2026
ਐੱਸ. ਏ. ਐੱਸ. ਨਗਰ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਚੰਡੀਗੜ੍ਹ ਯੂਨੀਵਰਸਿਟੀ ਵਲੋਂ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (ਐੱਫ. ਏ. ਪੀ.) ਦੇ ਸਹਿਯੋਗ ਨਾਲ ਐੱਫ. ਏ. ਪੀ. ਨੈਸ਼ਨਲ ਐਵਾਰਡਜ਼-2026 ਦਾ ਛੇਵਾਂ ਐਡੀਸ਼ਨ ਕਰਵਾਇਆ ਗਿਆ। ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਇਸ ਸਮਾਗਮ ਦੌਰਾਨ ਦੇਸ਼ ਭਰ ਦੇ 1,157 ਤੋਂ ਵੱਧ ਸਕੂਲਾਂ ’ਚੋਂ ਚੁਣੇ ਗਏ 761 ਹੋਣਹਾਰ ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਐੱਫ. ਏ. ਪੀ. ਨੈਸ਼ਨਲ ਐਵਾਰਡਜ਼-2026 ਦਾ ਉਦਘਾਟਨ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਸਾਬਕਾ ਆਰਮੀ ਕਮਾਂਡਰ ਅਤੇ ਵਿਸ਼ੇਸ਼ ਮਹਿਮਾਨ ਲੈਫ਼. ਜਨਰਲ ਦੀਪੇਂਦਰ ਸਿੰਘ ਹੁੱਡਾ, ਪੰਜਾਬੀ ਲੇਖਕ, ਗਾਇਕ ਤੇ ਅਦਾਕਾਰ ਹੈਪੀ ਰਾਏਕੋਟੀ, ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ) ਐੱਸ. ਐੱਸ. ਸਹਿਗਲ ਅਤੇ ਐੱਫ. ਏ. ਪੀ. ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਇਸ ਸਮਾਗਮ ਦੇ ਪਹਿਲੇ ਦਿਨ ਦੇਸ਼ ਦੇ 19 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਪਹੁੰਚੇ 761 ਸਕੂਲਾਂ, ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਿੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਨ ਅਤੇ ਸਮਾਜ ਪ੍ਰਤੀ ਸਕਾਰਾਤਮਕ ਯੋਗਦਾਨ ਪਾਉਣ ਵਾਲੇ 15 ਸਕੂਲ ਪ੍ਰਿੰਸੀਪਲਾਂ ਅਤੇ 15 ਅਧਿਆਪਕਾਂ ਨੂੰ ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡਜ਼’ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਅਕਾਦਮਿਕ ਖੇਤਰ ‘ਚ ਸ਼ਾਨਦਾਰ ਪ੍ਰਾਪਤੀਆਂ ਲਈ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ‘ਚ 97 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸਭ ਤੋਂ ਵੱਧ ਪ੍ਰਤੀਸ਼ਤਤਾ ਵਾਲੇ ਚੋਟੀ ਦੇ 50 ਸਕੂਲਾਂ ਨੂੰ ‘ਬੈਸਟ ਸਕੂਲ ਐਵਾਰਡ’ ਪ੍ਰਦਾਨ ਕੀਤਾ ਗਿਆ, ਜਦਕਿ ਖੇਡਾਂ ਦੇ ਖੇਤਰ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 52 ਸਕੂਲਾਂ ਨੂੰ ਵੀ ‘ਬੈਸਟ ਸਕੂਲ ਐਵਾਰਡ’ ਨਾਲ ਨਿਵਾਜਿਆ ਗਿਆ। ਇਸੇ ਤਰ੍ਹਾਂ ਅਕਾਦਮਿਕ ਖੇਤਰ ‘ਚ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ‘ਚ 97 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ 254 ਹੋਣਹਾਰ ਵਿਦਿਆਰਥੀਆਂ ਨੂੰ ‘ਬੈਸਟ ਸਟੂਡੈਂਟ (ਪ੍ਰਾਈਡ ਆਫ਼ ਇੰਡੀਆ)’ ਐਵਾਰਡ ਨਾਲ ਨਿਵਾਜਿਆ ਗਿਆ, ਜਦਕਿ ਕੌਮੀ ਪੱਧਰ ਦੇ ਖੇਡ ਮੁਕਾਬਲਿਆਂ ‘ਚ ਤਗ਼ਮੇ ਜਿੱਤਣ ਵਾਲੇ 368 ਵਿਦਿਆਰਥੀਆਂ ਨੂੰ ਵੀ ਇਸੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ‘ਚ ਐੱਫ. ਏ. ਪੀ. ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੱਸਿਆ ਕਿ ਸਮਾਪਤੀ ਸਮਾਰੋਹ ਦੌਰਾਨ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕੁੱਲ 764 ‘ਪ੍ਰਾਈਡ ਆਫ਼ ਸਕੂਲ’ ਐਵਾਰਡਾਂ ਨਾਲ ਨਿਵਾਜਿਆ ਜਾਵੇਗਾ।