ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਉਪਭੋਗਤਾ ਮਾਮਲੇ ਵਿਭਾਗ ਦੇ ਅਧਿਕਾਰੀਆਂ ਅਤੇ ਗੈਸ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਕੀਤੀ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਹਿਲਾਂ ਵੀ 66399 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਜਾਰੀ ਕੀਤੇ ਜਾ ਚੁੱਕੇ ਹਨ, ਫਿਰ ਵੀ ਜ਼ਮੀਨੀ ਪੱਧਰ 'ਤੇ ਸਰਵੇਖਣ ਕਰ ਕੇ ਉਨ੍ਹਾਂ ਯੋਗ ਲਾਭਪਾਤਰੀਆਂ ਦੀ ਪਛਾਣ ਕੀਤੇ ਜਾਵੇ ਜੋ ਕਿਸੇ ਕਾਰਨ ਕਰ ਕੇ ਹਾਲੇ ਤੱਕ ਯੋਜਨਾ ਦੇ ਦਾਇਰੇ ਵਿਚ ਨਹੀਂ ਆ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿਚ ਤਕਰੀਬਨ ਹਰ ਇਕ ਪਰਿਵਾਰ ਕੋਲ ਰਸੋਈ ਗੈਸ (ਐਲ.ਪੀ.ਜੀ.) ਦਾ ਕੁਨੈਕਸ਼ਨ ਹੈ, ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਈ ਵੀ ਯੋਗ ਅਤੇ ਜ਼ਰੂਰਤਮੰਦ ਪਰਿਵਾਰ ਇਸ ਲਾਭ ਤੋਂ ਵਾਂਝਾ ਨਾ ਰਹੇ | ਉਨ੍ਹਾਂ ਗੈਸ ਕੰਪਨੀਆਂ ਅਤੇ ਗੈਸ ਏਜੰਸੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਪ੍ਰਧਾਨ ਮੰਤਰੀ ਉਜਵਲਾ ਯੋਜਨਾ 3.0 ਤਹਿਤ ਯੋਗ ਗ਼ਰੀਬ ਪਰਿਵਾਰਾਂ ਨੂੰ ਨਵੇਂ ਗੈਸ ਕੁਨੈਕਸ਼ਨ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣ | ਮੀਟਿੰਗ ਤੋਂ ਬਾਅਦ ਗੈਸ ਏਜੰਸੀਆਂ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦਾ ਲਾਭ ਦੇਣ ਲਈ ਸਾਧਾਂ ਵਾਲੀ ਬਸਤੀ ਅਤੇ ਬੱਗੇਆਣਾ ਬਸਤੀ ਵਿਖੇ ਵਿਸ਼ੇਸ਼ ਤੌਰ 'ਤੇ ਕੈਂਪ ਲਗਾਏ ਗਏ |