ਮੋਗਾ, 1 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਚ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨੂੰ ਕਥਿਤ ਤੌਰ 'ਤੇ ਖੰਡਿਤ ਕਰਨ ਦੇ ਮਾਮਲੇ 'ਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਜਰਨਲ ਸਕੱਤਰ ਅਨਿਲ ਸਰੀਨ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ | ਉਨ੍ਹਾਂ ਇਸ ਘਟਨਾ ਨੂੰ ਕਾਨੂੰਨ-ਵਿਵਸਥਾ ਦੀ ਪੂਰੀ ਤਰ੍ਹਾਂ ਨਾਕਾਮੀ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ 'ਚ ਅਰਾਜਕਤਾ ਦਾ ਮਾਹੌਲ ਬਣ ਚੁੱਕਾ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਸਾਬਕਾ ਐਮ.ਪੀ. ਕੇਵਲ ਸਿੰਘ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੈ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ | ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਮੋਰਚੇ 'ਤੇ ਅਸਫ਼ਲ ਸਾਬਤ ਹੋ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ 'ਚ ਗੈਂਗਸਟਰ, ਨਸ਼ਾ ਤਸਕਰ ਅਤੇ ਅਸਮਾਜਿਕ ਤੱਤ ਬੇਖ਼ੌਫ਼ ਹੋ ਕੇ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜਦ ਕਿ ਸਰਕਾਰ ਸਿਰਫ਼ ਬਿਆਨਬਾਜ਼ੀ ਤੱਕ ਸੀਮਤ ਹੈ | ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨੂੰ ਨੁਕਸਾਨ ਪਹੁੰਚਾਉਣਾ ਸਿਰਫ਼ ਇਕ ਵਿਅਕਤੀ ਜਾਂ ਸਮੁਦਾਇ ਦਾ ਅਪਮਾਨ ਨਹੀਂ, ਬਲਕਿ ਦੇਸ਼ ਦੇ ਸੰਵਿਧਾਨ ਅਤੇ ਉਸ ਦੀ ਮੂਲ ਭਾਵਨਾ 'ਤੇ ਹਮਲਾ ਹੈ | ਭਾਜਪਾ ਨੇਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਸੰਵਿਧਾਨ ਤੇ ਲੋਕਤੰਤਰ ਦੀ ਗੱਲ ਕਰਦੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ | ਅਨਿਲ ਸਰੀਨ ਨੇ ਕਿਹਾ ਕਿ ਪ੍ਰਦੇਸ਼ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ | ਹਰ ਰੋਜ਼ ਕਤਲ, ਲੁੱਟ, ਫਿਰੌਤੀ ਤੇ ਧਾਰਮਿਕ ਸਥਾਨਾਂ ਜਾਂ ਮਹਾਨ ਵਿਅਕਤੀਆਂ ਦੀਆਂ ਪ੍ਰਤਿਮਾਵਾਂ ਨਾਲ ਛੇੜਛਾੜ ਵਰਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਜੇ ਸਰਕਾਰ ਸਮੇਂ ਰਹਿੰਦਿਆਂ ਸਖ਼ਤ ਕਦਮ ਨਹੀਂ ਚੁੱਕਦੀ, ਤਾਂ ਅਜਿਹੀਆਂ ਘਟਨਾਵਾਂ ਸਮਾਜਿਕ ਸਾਂਝ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦੀਆਂ ਹਨ | ਭਾਜਪਾ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਦੀ ਜਲਦ ਗਿ੍ਫ਼ਤਾਰੀ ਤੇ ਉਨ੍ਹਾਂ ਨੂੰ ਕੜੀ ਸਜ਼ਾ ਦੇਣ ਦੀ ਮੰਗ ਕੀਤੀ ਹੈ | ਅੰਤ ਵਿਚ ਅਨਿਲ ਸਰੀਨ ਨੇ ਚਿਤਾਵਨੀ ਦਿੱਤੀ ਕਿ ਜੇ ਰਾਜ ਸਰਕਾਰ ਨੇ ਕਾਨੂੰਨ-ਵਿਵਸਥਾ ਨੂੰ ਲੈ ਕੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ, ਤਾਂ ਭਾਜਪਾ ਸੜਕਾਂ 'ਤੇ ਉੱਤਰ ਕੇ ਜਨਹਿਤ ਦੀ ਲੜਾਈ ਲੜੇਗੀ |