ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 9 ਮਈ ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾ ਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ | ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਵਲੋਂ ਦੱਸਿਆ ਗਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਅਦਾਲਤੀ ਅਤੇ ਪ੍ਰੀ-ਲੀਟੀਗੇਟਿਵ ਪੜਾਅ ਤੇ ਆਏ ਰਾਜ਼ੀਨਾਮਾ ਹੋਣਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 9 ਮਈ ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ | ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ ਸੜਕ ਦੁਰਘਟਨਾਵਾਂ ਦੇ ਮੁਆਵਜ਼ੇ ਦੇ ਮਸਲੇ, ਜ਼ਮੀਨੀ ਝਗੜੇ ਦੇ ਮਸਲੇ, ਬਿਜਲੀ ਚੋਰੀ ਦੇ ਮਸਲੇ, ਚੈੱਕ ਬਾਊਾਸਿੰਗ ਦੇ ਮਸਲੇ, ਟਰੈਫ਼ਿਕ ਚਲਾਨ, ਰਿਕਵਰੀ ਸੂਟ, ਲੇਬਰ ਆਦਿ ਦੇ ਮਸਲੇ ਲਗਾਏ ਜਾ ਸਕਦੇ ਹਨ | ਇਸ ਤੋਂ ਇਲਾਵਾ ਸਿਮਰਨ ਸਿੰਘ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਨਾਲ ਜਿੱਥੇ ਆਮ ਲੋਕਾਂ ਨੂੰ ਰਾਹਤ ਮਿਲਦੀ ਹੈ ਉੱਥੇ ਉਨ੍ਹਾਂ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ | ਲੋਕ ਅਦਾਲਤ ਦੁਆਰਾ ਦੋਨੋਂ ਪਾਰਟੀਆਂ ਵਿਚ ਆਪਸੀ ਦੁਸ਼ਮਣੀ ਖ਼ਤਮ ਹੋ ਜਾਂਦੀ ਹੈ ਅਤੇ ਆਪਸੀ ਭਾਈਚਾਰਾ ਵਧਦਾ ਹੈ | ਲੋਕ ਅਦਾਲਤ ਵਿਚ ਫ਼ੈਸਲਾ ਹੋਣ ਤੋਂ ਬਾਅਦ ਕੇਸ ਵਿਚ ਲੱਗੀ ਸਾਰੀ ਕੋਰਟ ਫ਼ੀਸ ਵਾਪਸ ਮਿਲ ਜਾਂਦੀ ਹੈ | ਇਸ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਨਤਾ ਪ੍ਰਾਪਤ ਹੈ | ਇਸ ਦੇ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ | ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਕੇਸਾਂ ਦਾ ਲੋਕ ਅਦਾਲਤ ਵਿਚ ਫ਼ੈਸਲਾ ਕਰਾ ਕੇ ਵੱਧ ਤੋਂ ਵੱਧ ਲਾਭ ਉਠਾਉਣ |