ਮੋਗਾ, 7 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਹੋਟਲ ਮਾਲਕਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਹੋਟਲ ਵਿਚ ਠਹਿਰਨ ਵਾਲੇ ਹਰੇਕ ਵਿਅਕਤੀ ਦੀ ਸ਼ਨਾਖ਼ਤ ਲਈ ਆਈ.ਡੀ. ਪਰੂਫ਼ ਜਿਵੇਂ ਕਿ ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਵੋਟਰ ਕਾਰਡ ਆਦਿ ਜ਼ਰੂਰ ਲਿਆ ਜਾਵੇ | ਜੇਕਰ ਇਕ ਤੋਂ ਵੱਧ ਵਿਅਕਤੀਆਂ ਵਲੋਂ ਇਕ ਕਮਰਾ ਲਿਆ ਜਾਂਦਾ ਹੈ ਤਾਂ ਕਮਰੇ ਵਿਚ ਠਹਿਰਨ ਵਾਲੇ ਹਰ ਇਕ ਵਿਅਕਤੀ ਦਾ ਆਈ.ਡੀ. ਪਰੂਫ਼ ਲਿਆ ਜਾਵੇ | ਇਹ ਯਕੀਨੀ ਬਣਾਇਆ ਜਾਵੇ ਕਿ ਹੋਟਲ ਵਿਚ ਠਹਿਰਨ ਵਾਲੇ ਵਿਅਕਤੀਆਂ ਵਲੋਂ ਜੋ ਮੋਬਾਈਲ ਨੰਬਰ ਦਿੱਤਾ ਜਾਂਦਾ ਹੈ ਉਹ ਉਨ੍ਹਾਂ ਵਿਅਕਤੀਆਂ ਪਾਸ ਚਾਲੂ ਹਾਲਤ ਵਿਚ ਹੋਵੇ | ਇਸ ਦੀ ਪੁਸ਼ਟੀ ਲਈ ਦਿੱਤੇ ਗਏ ਮੋਬਾਈਲ ਨੰਬਰ 'ਤੇ ਕਾਲ ਕਰ ਕੇ ਪਤਾ ਲਗਾਇਆ ਜਾ ਸਕਦਾ ਹੈ | ਹੋਟਲਾਂ ਵਿਚ ਠਹਿਰਨ ਵਾਲਿਆਂ ਦੀ ਸੂਚਨਾ ਸਮੇਂ-ਸਮੇਂ ਸਿਰ ਆਪਣੇ ਨਜ਼ਦੀਕੀ ਥਾਣੇ ਵਿਚ ਦਰਜ ਕਰਵਾਈ ਜਾਵੇ | ਜੇਕਰ ਹੋਟਲ ਮਾਲਕਾਂ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਨ੍ਹਾਂ ਖ਼ਿਲਾਫ਼ ਜ਼ਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜੇਕਰ ਹੋਟਲ ਵਿਚ ਠਹਿਰਨ ਵਾਲੇ ਵਿਅਕਤੀ/ਵਿਅਕਤੀਆਂ ਵਲੋਂ ਉਕਤ ਜਾਣਕਾਰੀ ਦੇਣ ਤੋਂ ਮਨਾਹੀ ਕੀਤੀ ਜਾਂਦੀ ਹੈ ਤਾਂ ਹੋਟਲ ਮਾਲਕ/ਸਟਾਫ਼ ਇਸ ਬਾਰੇ ਨਜ਼ਦੀਕੀ ਥਾਣੇ ਵਿਚ ਸੂਚਨਾ ਦੇਣ | ਉਨ੍ਹਾਂ ਕਿਹਾ ਕਿ ਹੋਟਲਾਂ ਵਿਚ ਅਣਪਛਾਤੇ ਵਿਅਕਤੀਆਂ ਦੀ ਜਾਣਕਾਰੀ ਰੱਖਣੀ ਅਤਿ ਜ਼ਰੂਰੀ ਹੈ ਤਾਂ ਜੋ ਵਧਦੇ ਜੁਰਮਾਂ ਨੂੰ ਰੋਕਿਆ ਜਾ ਸਕੇ | ਇਹ ਹੁਕਮ 30 ਜੂਨ 2026 ਤੱਕ ਲਾਗੂ ਰਹਿਣਗੇ |