ਧਰਮਕੋਟ, 7 ਮਈ (ਪਰਮਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡ ਪੰਡੋਰੀ ਅਰਾਈਆਂ ਵਿਚ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਪਿੰਡ ਦੀਆਂ ਮਹਿਲਾਵਾਂ ਦੇ ਫਾਰਮ ਭਰੇ ਗਏ | ਇਸ ਮੌਕੇ ਮੈਂਬਰ ਜ਼ਿਲ੍ਹਾ ਪਰਿਸ਼ਦ ਹਰਿੰਦਰਪਾਲ ਕੌਰ ਵਲੋਂ ਪਿੰਡ ਦੀਆਂ ਮਹਿਲਾਵਾਂ ਨਾਲ ਸਿੱਧਾ ਸੰਪਰਕ ਕਰਦਿਆਂ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਹਰਿੰਦਰਪਾਲ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਸਮਾਜਿਕ ਆਰਥਿਕ ਸੁਰੱਖਿਆ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਹਿਲਾਵਾਂ ਲਈ ਕਈ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਦਾ ਮਕਸਦ ਮਹਿਲਾਵਾਂ ਨੂੰ ਸਰਕਾਰੀ ਸਹੂਲਤਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ | ਇਸ ਦੌਰਾਨ ਪਿੰਡ ਦੀਆਂ ਮਹਿਲਾਵਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਸਿਹਤ ਸੁਰੱਖਿਆ ਯੋਜਨਾਵਾਂ ਅਤੇ ਭਵਿੱਖ ਦੇ ਭਲਾਈ ਪ੍ਰੋਗਰਾਮਾਂ ਬਾਰੇ ਵੀ ਜਾਣੰੂ ਕਰਵਾਇਆ ਗਿਆ | ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਹੋਰ ਮਹਿਲਾਵਾਂ ਨੂੰ ਵੀ ਇਨ੍ਹਾਂ ਸਕੀਮਾਂ ਨਾਲ ਜੋੜਨ | ਹਰਿੰਦਰਪਾਲ ਕੌਰ ਨੇ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਦੇ ਹਰ ਪਿੰਡ ਵਿਚ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਤਹਿਤ ਪਿੰਡ ਪੰਡੋਰੀ ਅਰਾਈਆਂ ਵਿਚ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਹੀ ਮੌਜੂਦਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ | ਪਿੰਡ ਦੀਆਂ ਮਹਿਲਾਵਾਂ ਨੇ ਵੀ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਕੈਂਪਾਂ ਨਾਲ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦੀ ਸਹੀ ਜਾਣਕਾਰੀ ਮਿਲਦੀ ਹੈ ਅਤੇ ਫਾਰਮ ਭਰਨ ਵਿਚ ਆ ਰਹੀਆਂ ਦਿੱਕਤਾਂ ਦਾ ਵੀ ਮੌਕੇ ਤੇ ਹੱਲ ਹੋ ਜਾਂਦਾ ਹੈ |