ਧਰਮਕੋਟ, 26 ਅਗਸਤ (ਪਰਮਜੀਤ ਸਿੰਘ)-ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਪ੍ਰਸਿੱਧ ਪੰਜਾਬੀ ਗਾਇਕ ਦਿਲਨੂਰ ਦੇ ਆਗਮਨ ਨਾਲ ਇਕ ਰੌਣਕ ਭਰਿਆ ਅਤੇ ਯਾਦਗਾਰ ਮਾਹੌਲ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਸੰਸਥਾ ਦੇ ਕੈਂਪਸ ਵਿਚ ਪਹੁੰਚ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦੀ ਮੌਜੂਦਗੀ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਵਿਚ ਖ਼ੁਸ਼ੀ, ਉਤਸ਼ਾਹ ਅਤੇ ਜੋਸ਼ ਦਾ ਮਾਹੌਲ ਬਣ ਗਿਆ। ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਅਭਿਸ਼ੇਕ ਜਿੰਦਲ ਨੇ ਪ੍ਰਸਿੱਧ ਪੰਜਾਬੀ ਗਾਇਕ ਦਿਲਨੂਰ ਦਾ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ। ਉਨ੍ਹਾਂ ਨੇ ਦਿਲਨੂਰ ਦੇ ਐਸ.ਐਫ.ਸੀ. ਕੈਂਪਸ ਵਿਚ ਆਉਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬੀ ਸੰਗੀਤ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਐਡਵੋਕੇਟ ਅਭਿਸ਼ੇਕ ਜਿੰਦਲ ਨੇ ਕਿਹਾ ਕਿ ਸੰਸਥਾ ਦਾ ਹਮੇਸ਼ਾ ਇਹ ਉਦੇਸ਼ ਰਹਿੰਦਾ ਹੈ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨਾਲ ਮਿਲਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈਣ ਦੇ ਮੌਕੇ ਪ੍ਰਦਾਨ ਕੀਤੇ ਜਾਣ, ਤਾਂ ਜੋ ਉਹ ਪੜ੍ਹਾਈ ਤੋਂ ਇਲਾਵਾ ਆਪਣੇ ਗਿਆਨ ਅਤੇ ਸੋਚ ਦੇ ਦਾਇਰੇ ਨੂੰ ਵੀ ਵਿਸ਼ਾਲ ਕਰ ਸਕਣ। ਇਸ ਮੌਕੇ ਐਡਵੋਕੇਟ ਅਭਿਸ਼ੇਕ ਜਿੰਦਲ ਨੇ ਵਿਦਿਆਰਥੀਆਂ ਵਿਚ ਰਚਨਾਤਮਿਕਤਾ, ਆਤਮ-ਵਿਸ਼ਵਾਸ ਅਤੇ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਐਸ.ਐਫ.ਸੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਪ੍ਰਬੰਧਨ ਵਲੋਂ ਦਿਲ ਨੂਰ ਦਾ ਧੰਨਵਾਦ ਕੀਤਾ ਗਿਆ।