ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ‘ਚ ਨਿਰਮਲਾ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਕਰਵਾਇਆ ਧਾਰਮਿਕ ਸਮਾਗਮ
ਠੱਠੀ ਭਾਈ, 29 ਅਗਸਤ (ਜਗਰੂਪ ਸਿੰਘ ਮਠਾੜੂ)-ਨਿਰਮਲਾ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ, ਸਥਾਨ ਸੰਤ ਬਾਬਾ ਬਲਵੀਰ ਸਿੰਘ ਵਿਖੇ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ਹੇਠ ਹਰ ਮਹੀਨੇ ਮਨਾਏ ਜਾ ਰਹੇ ਪੁੰਨਿਆਂ ਦੇ ਦਿਹਾੜੇ ਤਹਿਤ ਰੱਖੜ ਪੁੰਨਿਆਂ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਰਿਹਾ।
ਠੱਠੀ ਭਾਈ, 29 ਅਗਸਤ (ਜਗਰੂਪ ਸਿੰਘ ਮਠਾੜੂ)-ਨਿਰਮਲਾ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ, ਸਥਾਨ ਸੰਤ ਬਾਬਾ ਬਲਵੀਰ ਸਿੰਘ ਵਿਖੇ ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ਹੇਠ ਹਰ ਮਹੀਨੇ ਮਨਾਏ ਜਾ ਰਹੇ ਪੁੰਨਿਆਂ ਦੇ ਦਿਹਾੜੇ ਤਹਿਤ ਰੱਖੜ ਪੁੰਨਿਆਂ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਸਮਾਗਮ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਰਿਹਾ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਦੀਵਾਨ ਹਾਲ ਵਿਚ ਰੂਹਾਨੀ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਕਥਾ, ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਮਹਾਨ ਜੀਵਨ ਫ਼ਲਸਫ਼ੇ ਨਾਲ ਜੋੜਿਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਚ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪ੍ਰਸਿੱਧ ਢਾਡੀ ਭਾਈ ਬਲਵਿੰਦਰ ਸਿੰਘ ਭਗਤਾ ਭਾਈ ਵਾਲਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਢਾਡੀ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਕੁਰਬਾਨੀ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਿਆ। ਉਨ੍ਹਾਂ ਨੇ ਆਪਣੀ ਢਾਡੀ ਕਲਾ ਰਾਹੀਂ ਗੁਰੂ ਸਾਹਿਬ ਜੀ ਦੀ ਮਨੁੱਖਤਾ ਦੀ ਰੱਖਿਆ ਲਈ ਦਿੱਤੀ ਮਹਾਨ ਕੁਰਬਾਨੀ ਅਤੇ ਧਰਮ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਨੂੰ ਬਿਆਨ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਦੌਰਾਨ ਗਿਆਨੀ ਪਰਮਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਅਤੇ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਕਥਾ ਵਿਚਾਰਾਂ ਰਾਹੀਂ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਛੋਟੀ ਉਮਰੇ ਬਲੀਦਾਨ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਸੇਵਾ, ਸਿਮਰਨ, ਸਬਰ, ਸੰਤੋਖ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਮਹੰਤ ਕਮਲਜੀਤ ਸਿੰਘ ਸ਼ਾਸਤਰੀ ਨੇ ਆਪਣੇ ਪ੍ਰਵਚਨਾਂ ਦੁਆਰਾ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਛੋਟੀ ਉਮਰ ਵਿਚ ਵੀ ਮਨੁੱਖਤਾ ਦੀ ਸੇਵਾ ਅਤੇ ਦੁਖੀਆਂ ਦੀ ਮਦਦ ਪ੍ਰਤੀ ਸਮਰਪਣ ਸਿੱਖ ਕੌਮ ਲਈ ਵੱਡੀ ਪ੍ਰੇਰਨਾ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਕੇ ਦੁਨੀਆ ਸਾਹਮਣੇ ਅਦੁੱਤੀ ਮਿਸਾਲ ਕਾਇਮ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਜੀਵਨ ਤੋਂ ਸਾਨੂੰ ਨਿਰਸਵਾਰਥ ਸੇਵਾ, ਸੱਚ ਦੇ ਮਾਰਗ ‘ਤੇ ਚੱਲਣ ਅਤੇ ਹਰ ਮਨੁੱਖ ਦੇ ਹੱਕਾਂ ਦੀ ਰਾਖੀ ਕਰਨ ਦੀ ਪ੍ਰੇਰਨਾ ਮਿਲਦੀ ਹੈ। ਧਾਰਮਿਕ ਦੀਵਾਨ ਦੌਰਾਨ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਿਤ ਵਿਚਾਰ ਸੁਣ ਕੇ ਆਪਣੇ ਜੀਵਨ ਵਿਚ ਗੁਰਮਤਿ ਸਿਧਾਂਤਾਂ ਨੂੰ ਅਪਣਾਉਣ ਦਾ ਸੰਕਲਪ ਲਿਆ। ਸਮਾਗਮ ਦੌਰਾਨ ਆਸ਼ਰਮ ਵਲੋਂ ਸੰਗਤਾਂ ਲਈ ਖੀਰ-ਮਾਹਲ ਪੂੜੇ, ਕੇਲੇ, ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਸਮੁੱਚਾ ਧਾਰਮਿਕ ਸਮਾਗਮ ਸ਼ਰਧਾ, ਸਤਿਕਾਰ ਅਤੇ ਗੁਰਬਾਣੀ ਦੇ ਰੰਗ ਵਿਚ ਰੰਗਿਆਂ ਰਿਹਾ। ਸਥਾਨ ਦੇ ਮੁੱਖ ਸੇਵਾਦਾਰ ਮਹੰਤ ਕਮਲਜੀਤ ਸਿੰਘ ਸ਼ਾਸਤਰੀ ਦੀ ਅਗਵਾਈ ਹੇਠ ਹਰ ਮਹੀਨੇ ਮਨਾਏ ਜਾ ਰਹੇ ਪੁੰਨਿਆਂ ਦੇ ਦਿਹਾੜਿਆਂ ਦੌਰਾਨ ਸੰਗਤਾਂ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੀ ਸੰਗਤਾਂ ਵਲੋਂ ਸ਼ਲਾਘਾ ਕੀਤੀ ਗਈ।