ਮੋਗਾ ਦੇ 20 ਨਸ਼ਾ ਪ੍ਰਭਾਵਿਤ ਖੇਤਰਾਂ ਦੀ ਕਾਇਆ-
ਕਲਪ ਲਈ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਸਮੀਖਿਆ
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਪ੍ਰਭਾਵਿਤ ਖੇਤਰਾਂ ਦੇ ਸਮੁੱਚੇ ਸੁਧਾਰ ਲਈ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਚੁਣੇ ਗਏ 20 ਨਸ਼ਾ ਪ੍ਰਭਾਵਿਤ ਖੇਤਰਾਂ ‘ ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਕਾਨੂੰਨ ਵਿਵਸਥਾ, ਜਾਗਰੂਕਤਾ ਮੁਹਿੰਮ , ਸਫ਼ਾਈ, ਅਤੇ ਲੋਕਾਂ ਦੀ ਭਾਗੀਦਾਰੀ ਰਾਹੀਂ ਇਨ੍ਹਾਂ ਖੇਤਰਾਂ ਦਾ ਮਾਹੌਲ ਸੁਧਾਰਿਆ ਜਾਵੇਗਾ।
ਮ
ਮੋਗਾ ਦੇ 20 ਨਸ਼ਾ ਪ੍ਰਭਾਵਿਤ ਖੇਤਰਾਂ ਦੀ ਕਾਇਆ-ਕਲਪ ਲਈ ਚਲਾਈ ਜਾ ਰਹੀ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਤਹਿਤ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਤੀਆ। ਤਸਵੀਰ : ਜਸਪਾਲ ਸਿੰਘ ਬੱਬੀ
20-10-2026
ਮੋਗਾ, 19 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਵਿਚ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਪ੍ਰਭਾਵਿਤ ਖੇਤਰਾਂ ਦੇ ਸਮੁੱਚੇ ਸੁਧਾਰ ਲਈ 60 ਦਿਨਾਂ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਚੁਣੇ ਗਏ 20 ਨਸ਼ਾ ਪ੍ਰਭਾਵਿਤ ਖੇਤਰਾਂ ‘ ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦਿਆਂ ਕਾਨੂੰਨ ਵਿਵਸਥਾ, ਜਾਗਰੂਕਤਾ ਮੁਹਿੰਮ , ਸਫ਼ਾਈ, ਅਤੇ ਲੋਕਾਂ ਦੀ ਭਾਗੀਦਾਰੀ ਰਾਹੀਂ ਇਨ੍ਹਾਂ ਖੇਤਰਾਂ ਦਾ ਮਾਹੌਲ ਸੁਧਾਰਿਆ ਜਾਵੇਗਾ। ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅੱਜ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਮੁਹਿੰਮ ਦੀ ਪ੍ਰਗਤੀ ਅਤੇ ਅਗਲੇਰੀ ਕਾਰਵਾਈ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਐਸ.ਐਸ.ਪੀ. ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕੁਲਪ੍ਰੀਤ ਸਿੰਘ, ਸਮੂਹ ਐਸ.ਡੀ.ਐਮਜ਼, ਐਸ.ਪੀਜ਼, ਡੀ.ਐਸ.ਪੀਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿਚ ਨਸ਼ਾ ਤਸਕਰਾਂ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਵਿਅਕਤੀਆਂ ਵਿਚਕਾਰ ਸਪਸ਼ਟ ਫ਼ਰਕ ਰੱਖਣਾ ਜ਼ਰੂਰੀ ਹੈ। ਨਸ਼ਾ ਵੇਚਣ ਅਤੇ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦ ਕਿ ਨਸ਼ੇ ਦੀ ਲਤ ਵਿਚ ਫਸੇ ਵਿਅਕਤੀਆਂ ਨੂੰ ਇਲਾਜ, ਕਾਊਂਸਲਿੰਗ ਅਤੇ ਮੁੜ ਵਸੇਬੇ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਮੋਗਾ ਦੀ ਸਿਰਜਣਾ ਲਈ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਵਿਚ ਨਵੀਂ ਉਮੀਦ ਜਗਾਉਣਾ ਅਤੇ ਉਨ੍ਹਾਂ ਨੂੰ ਸਨਮਾਨਜਨਕ ਜੀਵਨ ਵੱਲ ਵਾਪਸ ਲਿਆਉਣਾ ਵੀ ਬੇਹੱਦ ਮਹੱਤਵਪੂਰਨ ਹੈ। ਇਸ ਲਈ ਲੋਕਾਂ ਨੂੰ ਵੀ ਮੁਹਿੰਮ ਨਾਲ ਜੋੜਿਆ ਜਾਵੇ, ਤਾਂ ਜੋ ਨਸ਼ਿਆਂ ਵਿਰੁੱਧ ਸਾਂਝੇ ਯਤਨਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਸ੍ਰੀ ਸੇਤੀਆ ਨੇ ਸਬੰਧਿਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਥਾਵਾਂ ‘ਤੇ ਸਟਰੀਟ ਲਾਈਟਾਂ ਚਾਲੂ ਰੱਖਣ, ਲੋੜ ਅਨੁਸਾਰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਅਤੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਹਰ ਹਫ਼ਤੇ ਇਕ ਦਿਨ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇ, ਤਾਂ ਜੋ ਗੰਦਗੀ ਅਤੇ ਅਣਗਹਿਲੀ ਵਾਲੀਆਂ ਥਾਵਾਂ ਨੂੰ ਸੁਧਾਰ ਕੇ ਸੁਰੱਖਿਅਤ ਤੇ ਸਾਫ਼-ਸੁਥਰਾ ਵਾਤਾਵਰਨ ਯਕੀਨੀ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਿਤ ਵਿਭਾਗਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਹੁਣ ਤੱਕ ਕੀਤੇ ਉਪਰਾਲਿਆਂ, ਮੌਜੂਦਾ ਸਥਿਤੀ ਅਤੇ ਅੱਗੇ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਵਿਸਥਾਰਤ ਰਿਪੋਰਟ ਤਿੰਨ ਦਿਨਾਂ ਦੇ ਅੰਦਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਜ਼ਿੰਮੇਵਾਰੀ ਨਿਭਾਉਣ, ਤਾਂ ਜੋ 60 ਦਿਨਾਂ ਦੀ ਇਸ ਮੁਹਿੰਮ ਦੇ ਠੋਸ ਅਤੇ ਸਾਰਥਿਕ ਨਤੀਜੇ ਸਾਹਮਣੇ ਆ ਸਕਣ। ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਖੇਤਰਾਂ ਵਿਚ ਖੇਡ ਟੂਰਨਾਮੈਂਟ ਕਰਵਾਉਣ ਦੇ ਵੀ ਹੁਕਮ ਦਿੱਤੇ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਾਇਆ ਜਾ ਸਕੇ।