ਮਲੇਰਕੋਟਲਾ, 29 ਜਨਵਰੀ (ਮਨਜਿੰਦਰ ਸਿੰਘ ਸਰੌਦ)-ਮਲੇਰਕੋਟਲਾ ਵਿਖੇ ਡਾ. ਰਮਨਦੀਪ ਸਿੰਗਲਾ ਵਲੋਂ ਸਿਵਲ ਸਰਜਨ ਮਲੇਰਕੋਟਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ | ਉਨ੍ਹਾਂ ਆਖਿਆ ਕਿ ਆਮ ਲੋਕਾਂ ਦੀ ਬਿਹਤਰ ਸਿਹਤ, ਨਸ਼ਾ ਮੁਕਤੀ, ਟੀ. ਬੀ. ਮੁਕਤ ਮੁਹਿੰਮ, ਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਸਬੰਧੀ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਲੈਣ ਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਲੱਛਣ ਨਜ਼ਰ ਆਉਣ 'ਤੇ ਤੁਰੰਤ ਡਾਕਟਰੀ ਸਲਾਹ ਲਈ ਜਾਵੇ | ਸਿਵਲ ਸਰਜਨ ਸਿੰਗਲਾ ਨੇ ਕਿਹਾ ਕਿ ਸਿਹਤ ਸੇਵਾਵਾਂ ਵਿਚ ਪਾਰਦਰਸ਼ਤਾ ਅਤੇ ਸੁਧਾਰ ਲਈ ਲੋਕਾਂ ਦੇ ਸੁਝਾਵਾਂ ਦਾ ਸਵਾਗਤ ਕੀਤਾ ਜਾਵੇਗਾ | ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਤੇ ਲੋਕ-ਹਿਤੈਸ਼ੀ ਬਣਾਉਣ ਲਈ ਟੀਮ ਵਰਕ ਨਾਲ ਕੰਮ ਕੀਤਾ ਜਾਵੇਗਾ ਤੇ ਉਹ ਲੋਕਾਂ ਦੀ ਸਿਹਤ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਤੇ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪੁੱਜਦੀਆਂ ਕਰਨ ਲਈ ਯਤਨਸ਼ੀਲ ਰਹਿਣਗੇ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੀਮਾ ਜੱਸਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਪਨੀਤ ਸਿੱਧੂ, ਜ਼ਿਲ੍ਹਾ ਮਾਸ ਮੀਡੀਆ ਵਿੰਗ ਤੋਂ ਰਣਵੀਰ ਸਿੰਘ ਢੰਡੇ, ਬਲਾਕ ਐਜੂਕੇਟਰ ਜਗਸੀਰ ਸਿੰਘ ਟਿੱਬਾ, ਡੀ. ਸੀ. ਐਮ. ਸੋਹਾਵਾ ਸਿੰਘ ਮਾਨ ਹਾਜ਼ਰ ਸਨ |