ਸੰਗਰੂਰ, 18 ਫਰਵਰੀ (ਦਮਨਜੀਤ ਸਿੰਘ) - ਭਾਜਪਾ ਸੂਬਾ ਸਪੋਰਟਸ ਸੈੱਲ ਦੇ ਇੰਚਾਰਜ ਕਰਮ ਲਹਿਲ ਵਲੋਂ ਅੱਜ ਆਪਣੇ ਗ੍ਰਹਿ ਵਿਖੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ, ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਕਰਮ ਲਹਿਲ ਨੇ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹਨ, ਜੋ ਦਿਨ-ਰਾਤ ਮਿਹਨਤ ਕਰ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਦੇ ਹਨ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਅਸੀਂ ਇੱਕਜੁੱਟ ਹੋ ਕੇ ਕੰਮ ਕਰੀਏ ਤਾਂ ਸੰਗਠਨ ਨੂੰ ਨਵੀਂਆਂ ਉਚਾਈਆਂ ਤੱਕ ਲਿਜਾ ਸਕਦੇ ਹਾਂ | ਉਨ੍ਹਾਂ ਨੇ ਸਪੋਰਟਸ ਸੈੱਲ ਦੀ ਭੂਮਿਕਾ ਬਾਰੇ ਵੀ ਵਿਸਥਾਰ ਨਾਲ ਚਰਚਾ ਕਰਦਿਆਂ ਕਿਹਾ ਕਿ ਖੇਡਾਂ ਨਾਲ ਜੁੜੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ ਨਾਲ ਜੋੜਨਾ ਸਮੇਂ ਦੀ ਲੋੜ ਹੈ | ਵੱਖ-ਵੱਖ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਵੀ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਇਲਾਕੇ ਦੇ ਮੌਜੂਦਾ ਮੁੱਦਿਆਂ ਬਾਰੇ ਵਿਚਾਰ ਰੱਖੇ | ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਬੂਥ ਪੱਧਰ 'ਤੇ ਮਜ਼ਬੂਤੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਅਤੇ ਨੌਜਵਾਨ ਵਰਗ ਨੂੰ ਵੱਧ ਤੋਂ ਵੱਧ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਇਸ ਦੇ ਨਾਲ ਹੀ ਸਮਾਜ ਦੇ ਹਰ ਵਰਗ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਪ੍ਰੋਗਰਾਮ ਤਿਆਰ ਕਰਨ 'ਤੇ ਵੀ ਸਹਿਮਤੀ ਬਣੀ | ਕਰਮ ਲਹਿਲ ਨੇ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਰਹੀ ਹੈ ਅਤੇ ਅੱਗੇ ਵੀ ਇਸੇ ਦਿਸ਼ਾ ਵਿੱਚ ਕੰਮ ਕਰਾਂਗੇ | ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਆਪਸੀ ਮਤਭੇਦ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਇੱਕਜੁੱਟ ਹੋ ਕੇ ਮੈਦਾਨ ਵਿੱਚ ਉਤਰਣ | ਇਸ ਖ਼ਾਸ ਮੌਕੇ 'ਤੇ ਭਾਜਪਾ ਮੰਡਲ ਜਨਰਲ ਸਕੱਤਰ ਸੰਜੀਵ ਜਿੰਦਲ ਲੱਕੀ, ਬਲਜੀਤ ਕੌਰ ਜੀਤੀ, ਜਰਨਲ ਸਕੱਤਰ ਮਹਿਲਾ ਮੋਰਚਾ ਪੂਨਮ ਰਾਣੀ, ਨਿਰਭੈ ਸਿੰਘ ਛੰਨਾ, ਕਮਲ ਸੇਠ, ਅਮਨਦੀਪ ਸਿੰਘ ਸਾਬਕਾ ਸਰਪੰਚ ਅਤੇ ਹੋਰ ਆਗੂ ਵੀ ਮੌਜੂਦ ਸਨ |