ਸੰਦੌੜ, 30 ਮਾਰਚ (ਗੁਰਪ੍ਰੀਤ ਸਿੰਘ ਚੀਮਾ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ੍ਹ ਦੇ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਅਭਿਆਨ, ਕਮਿਊਨਿਟੀ ਬੇਸਡ ਇਵੈਂਟਸ, ਗੋਦ ਭਰਾਈ ਅਤੇ ਅੰਨਪੂਰਣਾ ਦਿਵਸ ਮਨਾਇਆ ਗਿਆ | ਪਿੰਡ ਦਸੌਧਾ ਸਿੰਘ ਵਾਲਾ, ਭੂਦਨ, ਅਬਦੁੱਲਾਪੁਰ ਚੁਹਾਣੇ, ਸ਼ੇਰਗੜ੍ਹ ਚੀਮਾ, ਸੁਲਤਾਨਪੁਰ ਬਧਰਾਵਾਂ ਅਤੇ ਹਕੀਮਪੁਰ ਖਟੜਾ ਦੇ ਆਂਗਣਵਾੜੀ ਸੈਂਟਰਾਂ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ | ਇਸ ਪ੍ਰੋਗਰਾਮ ਦੌਰਾਨ ਗਰਭਵਤੀ ਮਹਿਲਾਵਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ ਅਤੇ ਉਨ੍ਹਾਂ ਨੂੰ ਪੋਸ਼ਣ, ਸਿਹਤ ਸੰਭਾਲ ਅਤੇ ਸੰਤੁਲਿਤ ਆਹਾਰ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਅੰਨਪੂਰਣਾ ਦਿਵਸ ਦੇ ਮੌਕੇ ਬੱਚਿਆਂ ਅਤੇ ਮਾਤਾਵਾਂ ਨੂੰ ਪੋਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ | ਇਸ ਤੋਂ ਇਲਾਵਾ ਬੱਚਿਆਂ ਦੀ ਸਿਹਤ, ਤੰਦਰੁਸਤੀ ਅਤੇ ਸਮੂਹਿਕ ਵਿਕਾਸ ਲਈ ਸਹੀ ਖੁਰਾਕ ਅਤੇ ਸਫ਼ਾਈ ਦੇ ਮਾਪਦੰਡਾਂ ਉੱਤੇ ਵੀ ਖਾਸ ਜ਼ੋਰ ਦਿੱਤਾ ਗਿਆ | ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਮਹਿਲਾਵਾਂ ਅਤੇ ਬੱਚਿਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ |