ਸੁਨਾਮ ਊਧਮ ਸਿੰਘ ਵਾਲਾ, 31 ਮਾਰਚ (ਭੁੱਲਰ, ਧਾਲੀਵਾਲ)-ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਸੰਦੀਪ ਸਿੰਘ ਸੰਧੂ ਦੀ ਅਗਵਾਈ ਵਿਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਸੁਨਾਮ ਵਿਖੇ ਇਕੱਠੇ ਹੋਣ ਉਪਰੰਤ ਵੱਖ-ਵੱਖ ਪਿੰਡਾਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀਆਂ ਕਰਦਿਆਂ ਝੰਡਾ ਮਾਰਚ ਕੀਤਾ ਗਿਆ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ ਕਿਉਂਕਿ ਆਪ ਆਗੂਆਂ ਨੇ ਚੋਣਾਂ ਸਮੇਂ ਮਿਹਨਤਕਸ਼ ਲੋਕਾਂ ਦੀ ਤਰ੍ਹਾਂ ਦਿਹਾੜੀਦਾਰ ਅਤੇ ਠੇਕਾ ਮੁਲਾਜ਼ਮਾਂ ਨੂੰ ਵਿਸ਼ਵਾਸ ਦਿਵਾਇਆ ਸੀ ਕਿ ਸਤਾ ਵਿਚ ਆਉਣ 'ਤੇ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਆਊਟਸੋਰਸ, ਠੇਕੇਦਾਰਾਂ ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਰੱਖੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰ ਕੇ ਰੈਗੂਲਰ ਕੀਤਾ ਜਾਵੇਗਾ | ਇਸ ਦੇ ਨਾਲ ਹੀ ਤਨਖ਼ਾਹ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਨੁਸਾਰ ਪੰਦ੍ਹਰਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕਰ ਕੇ ਤਹਿ ਕੀਤੀ ਜਾਵੇਗੀ ਪਰ ਆਪ ਵੱਲੋਂ ਸਤਾ ਵਿਚ ਆਉਂਦਿਆਂ ਹੀ ਬੋਲੀ ਬਦਲ ਲਈ ਗਈ ਅਤੇ ਸਬ ਕਮੇਟੀ ਦਾ ਗਠਨ ਕਰ ਕੇ ਮਸਲਾ ਭੰਬਲਭੂਸੇ 'ਚ ਪਾ ਦਿੱਤਾ ਗਿਆ | ਉਨ੍ਹਾਂ ਪੰਜਾਬ ਸਰਕਾਰ ਤੋਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਨ ਅਤੇ ਠੇਕਾ ਮੁਲਾਜ਼ਮਾਂ ਨੂੰ ਵੱਖ-ਵੱਖ ਵਿਭਾਗਾਂ 'ਚ ਮਰਜ਼ ਕਰ ਕੇ ਰੈਗੂਲਰ ਕਰਨ ਦੀ ਮੰਗ ਕੀਤੀ |