ਧੂਰੀ, 7 ਮਈ (ਲਖਵੀਰ ਸਿੰਘ ਧਾਂਦਰਾ) - ਧੂਰੀ ਹਲਕੇ ਦੇ ਉੱਘੇ ਸਮਾਜ ਸੇਵੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਧੂਰੀ ਸ਼ਹਿਰ ਵਾਸੀਆਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਇਨ੍ਹਾਂ ਚੋਣਾਂ ਵਿੱਚ ਵਿਰੋਧੀਆਂ ਦਾ ਸਫ਼ਾਇਆ ਕਰਦਿਆਂ ਧੂਰੀ ਸ਼ਹਿਰ ਦੇ 21 ਵਾਰਡਾਂ ਵਿੱਚ ਇੱਕ ਵਾਰ ਫਿਰ 'ਹੂੰਝਾ ਫੇਰ' ਜਿੱਤ ਦਰਜ ਕਰੇਗੀ | ਕਾਂਝਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵੱਡੇ ਵਾਅਦੇ ਨੂੰ ਹਕੀਕੀ ਰੂਪ ਦਿੱਤਾ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਹਲਕਾ ਧੂਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇੱਥੋਂ ਦੇ ਵਸਨੀਕਾਂ ਦੀਆਂ ਪੁਰਾਣੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਧੂਰੀ ਦੀ ਇਮਾਰਤ ਦਾ ਨਵੀਨੀਕਰਨ ਕਰਕੇ ਸਿਹਤ ਸਹੂਲਤਾਂ ਵਿੱਚ ਵੱਡਾ ਸੁਧਾਰ ਕੀਤਾ ਗਿਆ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਹੁਣ ਇਲਾਜ ਲਈ ਦੂਰ ਨਹੀਂ ਜਾਣਾ ਪੈਂਦਾ | ਸ਼ਹਿਰ ਦੇ ਵਿਕਾਸ ਬਾਰੇ ਗੱਲ ਕਰਦਿਆਂ ਹਰਜਿੰਦਰ ਸਿੰਘ ਕਾਂਝਲਾ ਨੇ ਦੱਸਿਆ ਕਿ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਣ ਵਾਲੇ ਰੇਲਵੇ ਓਵਰ ਬਿ੍ਜ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਕਿ ਦਹਾਕਿਆਂ ਪੁਰਾਣੀ ਸਮੱਸਿਆ ਦਾ ਹੱਲ ਸਾਬਤ ਹੋਵੇਗਾ | ਇਸ ਤੋਂ ਇਲਾਵਾ, ਸ਼ਹਿਰ ਦੇ ਵਿਚਕਾਰੋਂ ਗੁਜ਼ਰਦੇ ਰਜਵਾਹੇ ਨੂੰ ਛੱਤ ਕੇ ਲੋਕਾਂ ਨੂੰ ਗੰਦਗੀ ਅਤੇ ਬਦਬੂ ਤੋਂ ਵੱਡੀ ਰਾਹਤ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਹਰ ਪਿੰਡ ਅਤੇ ਸ਼ਹਿਰ ਦੇ ਹਰ ਵਾਰਡ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚਲਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲਾਹੇਵੰਦ ਨੀਤੀਆਂ ਤੋਂ ਅੱਕ ਚੁੱਕੇ ਸਨ | ਹੁਣ ਜਨਤਾ ਭਗਵੰਤ ਮਾਨ ਸਰਕਾਰ ਦੀ ਇਮਾਨਦਾਰ ਨੀਅਤ ਅਤੇ ਵਿਕਾਸਮਈ ਸੋਚ 'ਤੇ ਮੋਹਰ ਲਗਾਉਣ ਲਈ ਤਿਆਰ ਹੈ | ਨਗਰ ਕੌਂਸਲ ਚੋਣਾਂ ਦੇ ਨਤੀਜੇ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੋਣਗੇ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਵਿਕਾਸ ਦੀ ਇਸ ਲਹਿਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ |