ਮਲੇਰਕੋਟਲਾ, 17 ਮਈ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ | ਇਸੇ ਕੜੀ ਤਹਿਤ ਬਾਲ ਸੁਰੱਖਿਆ ਵਿਭਾਗ ਦੀ ਟੀਮ ਵਲੋਂ ਕੁੱਲ 55 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ | ਬਾਲ ਵਿਭਾਗ ਦੀ ਟੀਮ ਵਲੋਂ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ ਅਤੇ ਸੁਰੱਖਿਆ ਪ੍ਰਬੰਧਾਂ ਜਿਵੇਂ ਰਜਿਸਟਰੇਸ਼ਨ ਸਰਟੀਫਿਕੇਟ, ਬੀਮਾ, ਫਿਟਨੈੱਸ ਸਰਟੀਫਿਕੇਟ, ਪ੍ਰਦੂਸ਼ਣ ਪ੍ਰਮਾਣ ਪੱਤਰ, ਡਰਾਈਵਰਾਂ ਦੇ ਲਾਇਸੰਸ ਅਤੇ ਨਿਰਧਾਰਿਤ ਰੂਟ ਦੀ ਜਾਂਚ ਕੀਤੀ ਗਈ | ਇਸ ਤੋਂ ਇਲਾਵਾ ਬੱਸਾਂ ਵਿੱਚ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਐਮਰਜੈਂਸੀ ਦਰਵਾਜ਼ਾ, ਸਪੀਡ ਗਵਰਨਰ ਅਤੇ ਹੋਰ ਸੁਰੱਖਿਆ ਉਪਕਰਣਾਂ ਦੀ ਵੀ ਚੈਕਿੰਗ ਕੀਤੀ ਗਈ | ਇਸ ਜਾਂਚ ਦੌਰਾਨ 4 ਬੱਸਾਂ ਵਿੱਚ ਸੁਰੱਖਿਆ ਸਬੰਧੀ ਕਮੀਆਂ ਪਾਈਆਂ ਗਈਆਂ, ਜਿਸ ਕਾਰਨ ਇਨ੍ਹਾਂ ਬੱਸਾਂ ਦੇ ਚਲਾਨ ਕੀਤੇ ਗਏ | ਇਹ ਚਲਾਨ ਮੁੱਖ ਤੌਰ 'ਤੇ ਅੱਗ ਬੁਝਾਊ ਯੰਤਰ ਨਾ ਹੋਣ, ਵਰਦੀ ਸਬੰਧੀ ਨਿਯਮਾਂ ਦੀ ਉਲੰਘਣਾ ਅਤੇ ਰੂਟ ਸਬੰਧੀ ਕਮੀਆਂ ਕਾਰਨ ਕੀਤੇ ਗਏ | ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਸਬੰਧਿਤ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਤੁਰੰਤ ਇਹ ਕਮੀਆਂ ਦੂਰ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ | ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਕਿਹਾ ਕਿ ਸਕੂਲਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਾ ਕਰਨ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੇ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ | ਇਸ ਮੌਕੇ ਸਹਾਇਕ ਖੇਤਰੀ ਟਰਾਂਸਪੋਰਟ ਅਫ਼ਸਰ ਸ਼ਹਿਨਾਜ਼ ਪ੍ਰਵੀਨ, ਬਾਲ ਸੁਰੱਖਿਆ ਵਿਭਾਗ ਤੋਂ ਲੀਗਲ ਅਫ਼ਸਰ ਬਾਬੀਤਾ ਕੁਮਾਰੀ, ਲਵਪ੍ਰੀਤ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ ਹਾਜ਼ਰ ਸਨ |