ਖੇਤਾਂ ਦੀਆਂ ਮੋਟਰਾਂ ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕਰਕੇ ਸਾੜਨ ਵਾਲੇ ਦੋ ਕਾਬੂ, ਇੱਕ ਫਰਾਰ
ਖਨੌਰੀ, 30 ਅਗਸਤ (ਬਲਵਿੰਦਰ ਸਿੰਘ ਥਿੰਦ)- ਖਨੌਰੀ ਇਲਾਕੇ ਵਿੱਚ ਖੇਤਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕਰਕੇ ਉਨ੍ਹਾਂ ਨੂੰ ਸਾੜ ਕੇ ਤਾਂਬਾ ਕੱਢਣ ਦੇ ਕਥਿਤ ਮਾਮਲੇ ਦਾ ਖਨੌਰੀ ਪੁਲਿਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਇੱਕ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ। ਪੁਲਿਸ ਨੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਾ 303(2) ਬੀਐੱਨਐੱਸ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਖਨੌਰੀ, 30 ਅਗਸਤ (ਬਲਵਿੰਦਰ ਸਿੰਘ ਥਿੰਦ)- ਖਨੌਰੀ ਇਲਾਕੇ ਵਿੱਚ ਖੇਤਾਂ ਦੀਆਂ ਮੋਟਰਾਂ ਤੋਂ ਬਿਜਲੀ ਦੀਆਂ ਤਾਂਬੇ ਦੀਆਂ ਤਾਰਾਂ ਚੋਰੀ ਕਰਕੇ ਉਨ੍ਹਾਂ ਨੂੰ ਸਾੜ ਕੇ ਤਾਂਬਾ ਕੱਢਣ ਦੇ ਕਥਿਤ ਮਾਮਲੇ ਦਾ ਖਨੌਰੀ ਪੁਲਿਸ ਨੇ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦਕਿ ਇੱਕ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ। ਪੁਲਿਸ ਨੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਾ 303(2) ਬੀਐੱਨਐੱਸ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਖਨੌਰੀ ਦੇ ਐਸ.ਐਚ.ਓ. ਇੰਸਪੈਕਟਰ ਗੁਰਮੀਤ ਸਿੰਘ ਥਿੰਦ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਖਨੌਰੀ ਦੀ ਪੁਰਾਣੀ ਪਸ਼ੂ ਹੱਡਾ ਰੋੜੀ, ਪੁਲ ਭਾਖੜਾ ਨਹਿਰ ਨੇੜੇ ਝਾੜੀਆਂ ਵਿੱਚ ਖੇਤਾਂ ਦੀਆਂ ਮੋਟਰਾਂ ਦੀਆਂ ਬਿਜਲੀ ਦੀਆਂ ਤਾਰਾਂ ਨੂੰ ਅੱਗ ਲਗਾ ਕੇ ਉਨ੍ਹਾਂ ਵਿੱਚੋਂ ਤਾਂਬਾ ਕੱਢ ਰਹੇ ਹਨ। ਸੂਚਨਾ ਮਿਲਣ ਉਪਰੰਤ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਗਈ। ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਵਾਰਡ ਨੰਬਰ 13 ਖਨੌਰੀ ਵਾਸੀ ਬਲਕਾਰ ਸਿੰਘ ਅਤੇ ਉਸ ਦੇ ਗੁਆਂਢੀ ਜਗਸੀਰ ਸਿੰਘ ਨੇ ਮੌਕੇ ’ਤੇ ਦੋ ਵਿਅਕਤੀਆਂ ਨੂੰ ਤਾਰਾਂ ਨੂੰ ਅੱਗ ਲਗਾ ਕੇ ਸਾੜਦੇ ਹੋਏ ਦੇਖਿਆ। ਉਨ੍ਹਾਂ ਵਲੋਂ ਦੋਵਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਮੌਕੇ ’ਤੇ ਲੋਕਾਂ ਦਾ ਇਕੱਠ ਹੋ ਗਿਆ। ਇਸ ਦੌਰਾਨ ਮਾਨ ਸਿੰਘ ਵਾਸੀ ਪਿੰਡ ਗੁਲਾਹੜ ਝੋਨੇ ਵਿੱਚੋਂ ਦੀ ਹੁੰਦਾ ਹੋਇਆ ਮੌਕੇ ਤੋਂ ਫਰਾਰ ਹੋ ਗਿਆ, ਜਦਕਿ ਕੁਲਵੰਤ ਰਾਮ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਪੁੱਛਗਿੱਛ ਦੌਰਾਨ ਕੁਲਵੰਤ ਰਾਮ ਨੇ ਪੁਲਿਸ ਨੂੰ ਕਥਿਤ ਤੌਰ ’ਤੇ ਦੱਸਿਆ ਕਿ ਉਹ ਖੇਤਾਂ ਦੀਆਂ ਮੋਟਰਾਂ ਤੋਂ ਚੋਰੀ ਕੀਤੀਆਂ ਬਿਜਲੀ ਦੀਆਂ ਤਾਰਾਂ ਨੂੰ ਸਾੜ ਕੇ ਉਨ੍ਹਾਂ ਵਿੱਚੋਂ ਤਾਂਬਾ ਕੱਢਦੇ ਸਨ। ਇਸ ਤੋਂ ਬਾਅਦ ਇਹ ਤਾਂਬਾ ਖਨੌਰੀ ਦੇ ਵਾਰਡ ਨੰਬਰ 3 ਵਾਸੀ ਕਬਾੜੀ ਬੰਟੀ ਕੁਮਾਰ ਪੁੱਤਰ ਰਾਜ ਕੁਮਾਰ ਨੂੰ ਵੇਚਿਆ ਜਾਂਦਾ ਸੀ। ਪੁਲਿਸ ਨੇ ਉਕਤ ਬਿਆਨਾਂ ਦੇ ਆਧਾਰ ’ਤੇ ਬੰਟੀ ਕੁਮਾਰ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰ ਲਿਆ ਹੈ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਸਾੜੀਆਂ ਗਈਆਂ ਤਾਰਾਂ ਵਿੱਚੋਂ ਕੱਢਿਆ ਗਿਆ ਤਾਂਬਾ ਅਤੇ ਇੱਕ ਸਪਲੈਂਡਰ ਪਲੱਸ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਵਲੋਂ ਬਰਾਮਦਗੀ ਅਤੇ ਮੁਲਜ਼ਮਾਂ ਦੀ ਭੂਮਿਕਾ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ। ਖੇਤਾਂ ਵਿੱਚੋਂ ਤਾਰਾਂ ਦੀਆਂ ਚੋਰੀਆਂ ਕਾਰਨ ਕਿਸਾਨ ਚਿੰਤਤ ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਕਿਸਾਨਾਂ ਦਾ ਇੱਕ ਵੱਡਾ ਇਕੱਠ ਵੀ ਥਾਣਾ ਖਨੌਰੀ ਵਿਖੇ ਪਹੁੰਚਿਆ। ਕਿਸਾਨਾਂ ਨੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਹੋਣ ਦੀਆਂ ਘਟਨਾਵਾਂ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਕਿਸਾਨਾਂ ਦਾ ਕਹਿਣਾ ਸੀ ਕਿ ਖੇਤਾਂ ਵਿੱਚ ਮੋਟਰਾਂ ਦੀਆਂ ਤਾਰਾਂ ਚੋਰੀ ਹੋਣ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈਂਦਾ ਹੈ ਅਤੇ ਸਿੰਚਾਈ ਪ੍ਰਬੰਧ ਵੀ ਪ੍ਰਭਾਵਿਤ ਹੁੰਦੇ ਹਨ। ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਜਿਹੀਆਂ ਚੋਰੀਆਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਖੇਤਾਂ ਵਿੱਚੋਂ ਬਿਜਲੀ ਦੀਆਂ ਤਾਰਾਂ ਦੀ ਚੋਰੀ ਰੋਕਣ ਲਈ ਗਸ਼ਤ ਤੇ ਨਿਗਰਾਨੀ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਫਰਾਰ ਮੁਲਜ਼ਮ ਮਾਨ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਮਾਮਲੇ ਨਾਲ ਸਬੰਧਤ ਹੋਰ ਵਿਅਕਤੀਆਂ ਦੀ ਭੂਮਿਕਾ ਅਤੇ ਚੋਰੀ ਕੀਤੀਆਂ ਤਾਰਾਂ ਸਬੰਧੀ ਵੀ ਤੱਥ ਇਕੱਠੇ ਕੀਤੇ ਜਾ ਰਹੇ ਹਨ। ਇਸ ਮੌਕੇ ਸਬ-ਇੰਸਪੈਕਟਰ ਰਘਵੀਰ ਸਿੰਘ, ਏ.ਐਸ.ਆਈ. ਅਮਨਦੀਪ ਕੌਰ, ਮਨਜਿੰਦਰ ਸਿੰਘ ਅਤੇ ਰਮੇਸ਼ ਕੁਮਾਰ ਵੀ ਹਾਜ਼ਰ ਸਨ।