ਓ.ਐੱਸ.ਡੀ. ਸੁਖਵੀਰ ਸਿੰਘ ਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਧੂਰੀ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਧੂਰੀ, 31 ਅਗਸਤ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਮਾਨ ਦੇ ਓ. ਐੱਸ.
ਧੂਰੀ, 31 ਅਗਸਤ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ) - ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਵੱਲੋਂ ਅੱਜ ਧੂਰੀ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ, ਕੰਮ ਦੀ ਗੁਣਵੱਤਾ ਅਤੇ ਨਿਰਧਾਰਤ ਸਮਾਂ-ਸੀਮਾ ਸਬੰਧੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਸਮੀਖਿਆ ਕੀਤੀ। ਸ਼੍ਰੀ ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਸ਼ਹਿਰ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਸਾਰੇ ਪ੍ਰੋਜੈਕਟਾਂ ਵਿੱਚ ਲੋੜੀਂਦੀ ਤੇਜ਼ੀ ਲਿਆਂਦੀ ਜਾਵੇ । ਉਹਨਾਂ ਕਿਹਾ ਕਿ ਜੇਕਰ ਕਿਸੇ ਠੇਕੇਦਾਰ ਜਾਂ ਸਬੰਧਤ ਅਧਿਕਾਰੀ ਵੱਲੋਂ ਘਟੀਆ ਸਮੱਗਰੀ ਦੀ ਵਰਤੋਂ ਜਾਂ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ਉਹਨਾਂ ਦੱਸਿਆ ਕਿ ਧੂਰੀ ਸ਼ਹਿਰ ਦੇ ਮਹੱਤਵਪੂਰਨ ਓਵਰਬ੍ਰਿਜ ਦਾ ਕੰਮ ਪ੍ਰਸ਼ਾਸਨ ਵੱਲੋਂ ਨਿਰਧਾਰਤ 14 ਤੋਂ 15 ਮਹੀਨਿਆਂ ਦੀ ਸਮਾਂ-ਸੀਮਾ ਅੰਦਰ ਮੁਕੰਮਲ ਕਰਨ ਦਾ ਟੀਚਾ ਹੈ ਇਸ ਦੇ ਮੁਕੰਮਲ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਕ੍ਰਾਂਤੀ ਚੌਕ ਸਮੇਤ ਸ਼ਹਿਰ ਦੇ ਹੋਰਨਾਂ ਹਿੱਸਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਵੀ ਤੇਜ਼ ਕਰਨ ਅਤੇ 30 ਸਤੰਬਰ ਤੱਕ ਸਾਰੇ ਨਿਰਧਾਰਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ। ਜਾਇਜ਼ੇ ਦੌਰਾਨ ਧੂਰੀ ਦੇ ਕ੍ਰਾਂਤੀ ਚੌਕ ਦੇ ਵਿਕਾਸ ਅਤੇ ਸੁੰਦਰੀਕਰਨ ਲਈ 1.32 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸੇ ਤਰ੍ਹਾਂ ਸਬਜ਼ੀ ਮੰਡੀ ਨੇੜੇ ਨਗਰ ਕੌਂਸਲ ਪਾਰਕ ਦੀ ਮੁੜ ਉਸਾਰੀ ਅਤੇ ਡਾ. ਬੀ.ਆਰ. ਅੰਬੇਡਕਰ ਜੀ ਦਾ ਬੁੱਤ ਸਥਾਪਤ ਕਰਨ ਲਈ 1.06 ਕਰੋੜ ਰੁਪਏ, ਨਗਰ ਕੌਂਸਲ ਪਾਰਕ ਨਾਲ ਲੱਗਦੇ ਇੰਡੋਰ ਸਪੋਰਟਸ ਹਾਲ ਦੀ ਅਪਗ੍ਰੇਡੇਸ਼ਨ ਲਈ 25 ਲੱਖ ਰੁਪਏ ਅਤੇ ਆਰ.ਓ.ਬੀ. ਦੇ ਸੰਗਰੂਰ ਵਾਲੇ ਪਾਸੇ ਅਪਰੋਚਜ਼ ਹੇਠ ਪਾਰਕ ਵਾਈਲਡ ਏਰੀਨਾ ਦੇ ਵਿਕਾਸ ਲਈ 87 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਖੇਡ ਸਟੇਡੀਅਮ ਵਿੱਚ ਖਿਡਾਰੀਆਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਸੀਮੇਂਟ ਦੀ ਥਾਂ ਉਚਿਤ ਗੁਣਵੱਤਾ ਵਾਲੇ ਮੈਟ ਦੀ ਵਿਵਸਥਾ ਕੀਤੀ ਜਾ ਰਹੀ ਹੈ। ਓ.ਐੱਸ.ਡੀ. ਨੇ ਕਿਹਾ ਕਿ ਮੈਟ ਦੀ ਗੁਣਵੱਤਾ ਅਤੇ ਸਥਾਪਨਾ ਦੇ ਕੰਮ ਦੀ ਨਿਗਰਾਨੀ ਲਈ ਵਿਸ਼ੇਸ਼ ਕਮੇਟੀ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਖਿਡਾਰੀਆਂ ਨੂੰ ਸੁਰੱਖਿਅਤ ਅਤੇ ਬਿਹਤਰ ਖੇਡ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਧੂਰੀ ਸ਼ਹਿਰ ਨੂੰ ਬਿਹਤਰ ਬੁਨਿਆਦੀ ਢਾਂਚੇ, ਸੁੰਦਰ ਜਨਤਕ ਥਾਵਾਂ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਲਗਾਤਾਰ ਨਿਗਰਾਨੀ ਰਾਹੀਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਹੋਵੇ ਅਤੇ ਸ਼ਹਿਰ ਵਾਸੀਆਂ ਨੂੰ ਵਿਕਾਸ ਪ੍ਰੋਜੈਕਟਾਂ ਦਾ ਵੱਧ ਤੋਂ ਵੱਧ ਲਾਭ ਮਿਲੇ। ਇਸ ਮੌਕੇ ਏ.ਡੀ.ਸੀ. (ਜ) ਅੰਕੁਰ ਮਹਿੰਦਰੂ, ਐੱਸ.ਡੀ.ਐੱਮ. ਇਸਮਤ ਵਿਜੈ ਸਿੰਘ, ਮੁੱਖ ਮੰਤਰੀ ਫ਼ੀਲਡ ਅਫ਼ਸਰ ਅਰਵਿੰਦ ਕੁਮਾਰ, ਨਗਰ ਕੌਂਸਲ ਧੂਰੀ ਦੇ ਪ੍ਰਧਾਨ ਅਮਰਜੋਤ ਕੌਰ ਬਾਜਵਾ, ਵਾਈਸ ਪ੍ਰਧਾਨ ਅਜੈਬ ਸਿੰਘ, ਚੇਅਰਮੈਨ ਸੁਖਪਾਲ ਸਿੰਘ, ਐਡਵੋਕੇਟ ਹੈਪੀ ਗਰਗ, ਰੂਬਲ ਬਾਜਵਾ, ਮਨੀਸ਼ ਜਿੰਦਲ ਸਮੇਤ ਨਗਰ ਕੌਂਸਲ ਦੇ ਮੈਂਬਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।