28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲਾਉਣ ਲਈ ਕਿਸਾਨਾਂ ਨੂੰ ਨਹੀਂ ਮਿਲ ਰਹੀ ਲੋੜੀਂਦੀ ਬਿਜਲੀ, ਛਾਜਲੀ ਗਰਿੱਡ ਮੂਹਰੇ ਧਰਨਾ

ਛਾਜਲੀ, 27 ਨਵੰਬਰ (ਅਜਾਇਬ ਸਿੰਘ ਨੀਲੋਵਾਲ) - ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲਾਉਣ ਦੇ ਅਹਿਮ ਸਮੇਂ ਦੌਰਾਨ ਬਿਜਲੀ ਦੀ ਨਾਕਾਫ਼ੀ ਸਪਲਾਈ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਖੇਤੀਬਾੜੀ ਲਈ ਲੋੜੀਂਦੀ ਬਿਜਲੀ ਨਾ ਮਿਲਣ ਤੋਂ ਖ਼ਫ਼ਾ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਪਿੰਡ ਛਾਜਲੀ ਵਿਖੇ ਸਥਿਤ 220 ਕੇ.

ਛਾਜਲੀ ਦੇ 220 ਕੇ.ਵੀ. ਬਿਜਲੀ ਗਰਿੱਡ ਮੂਹਰੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। ਤਸਵੀਰ: ਅਜਾਇਬ ਸਿੰਘ ਨੀਲੋਵਾਲ 28-11-2026
ਛਾਜਲੀ, 27 ਨਵੰਬਰ (ਅਜਾਇਬ ਸਿੰਘ ਨੀਲੋਵਾਲ) - ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲਾਉਣ ਦੇ ਅਹਿਮ ਸਮੇਂ ਦੌਰਾਨ ਬਿਜਲੀ ਦੀ ਨਾਕਾਫ਼ੀ ਸਪਲਾਈ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਖੇਤੀਬਾੜੀ ਲਈ ਲੋੜੀਂਦੀ ਬਿਜਲੀ ਨਾ ਮਿਲਣ ਤੋਂ ਖ਼ਫ਼ਾ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਪਿੰਡ ਛਾਜਲੀ ਵਿਖੇ ਸਥਿਤ 220 ਕੇ.ਵੀ. ਬਿਜਲੀ ਗਰਿੱਡ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਮਹਿਕਮੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਖੇਤੀਬਾੜੀ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤਰਾਮ ਛਾਜਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੇ ਝੋਨੇ ਦੀ ਫ਼ਸਲ ਦਾ ਕੰਮ ਨਿਬੇੜ ਕੇ ਆਪਣੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰ ਦਿੱਤੀ ਹੈ। ਹੁਣ ਕਣਕ ਦੀ ਫ਼ਸਲ ਨੂੰ ਪਹਿਲਾ ਪਾਣੀ ਲਾਉਣ ਦਾ ਸਮਾਂ ਹੈ, ਪਰ ਸਬੰਧਤ ਬਿਜਲੀ ਮਹਿਕਮੇ ਵੱਲੋਂ ਲੋੜ ਅਨੁਸਾਰ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਹਿਜ਼ ਚਾਰ ਤੋਂ ਪੰਜ ਘੰਟੇ ਹੀ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਖੇਤੀਬਾੜੀ ਦੇ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਕਿਸਾਨ ਸਮੇਂ ਸਿਰ ਆਪਣੀਆਂ ਫ਼ਸਲਾਂ ਨੂੰ ਪਾਣੀ ਲਗਾ ਸਕਣ ਅਤੇ ਉਨ੍ਹਾਂ ਦਾ ਖੇਤੀਬਾੜੀ ਦਾ ਕੰਮ ਪ੍ਰਭਾਵਿਤ ਨਾ ਹੋਵੇ। ਘਰੇਲੂ ਬਿਜਲੀ ਸਪਲਾਈ ਸਬੰਧੀ ਗੱਲ ਕਰਦਿਆਂ ਸੰਤਰਾਮ ਛਾਜਲੀ ਨੇ ਕਿਹਾ ਕਿ ਸ਼ਾਮ 6 ਵਜੇ ਤੋਂ 8 ਵਜੇ ਤੱਕ ਘਰਾਂ ਵਿੱਚ ਬਿਜਲੀ ਦੇ ਕੱਟ ਲਗਾਏ ਜਾਂਦੇ ਹਨ, ਜਦੋਂ ਪਰਿਵਾਰਾਂ ਵਿੱਚ ਖਾਣਾ ਬਣਾਉਣ ਅਤੇ ਹੋਰ ਘਰੇਲੂ ਕੰਮਾਂ ਦਾ ਸਮਾਂ ਹੁੰਦਾ ਹੈ। ਇਸ ਕਾਰਨ ਪਿੰਡ ਵਾਸੀਆਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸੁ ਝਾਅ ਦਿੱਤਾ ਕਿ ਜੇਕਰ ਬਿਜਲੀ ਮਹਿਕਮੇ ਵੱਲੋਂ ਘਰੇਲੂ ਸਪਲਾਈ ਵਿੱਚ ਕੱਟ ਲਗਾਉਣਾ ਹੀ ਹੈ ਤਾਂ ਇਹ ਕੱਟ ਦੁਪਹਿਰ ਸਮੇਂ ਲਗਾਇਆ ਜਾਵੇ ਅਤੇ ਬਾਕੀ ਸਮੇਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕਿਸਾਨਾਂ ਵੱਲੋਂ ਕਣਕ ਦੀ ਫ਼ਸਲ ਉੱਪਰ ਮਹਿੰਗੇ ਭਾਅ ਦੀਆਂ ਕੀਟਨਾਸ਼ਕ ਦਵਾਈਆਂ ਦਾ ਛਿੜਕਾਅ ਕੀਤਾ ਜਾ ਚੁੱਕਾ ਹੈ, ਪਰ ਬਿਜਲੀ ਦੀ ਘਾਟ ਕਾਰਨ ਫ਼ਸਲ ਨੂੰ ਸਮੇਂ ਸਿਰ ਪਾਣੀ ਨਹੀਂ ਲੱਗ ਰਿਹਾ। ਇਸ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ ਅਤੇ ਫ਼ਸਲ ਦੀ ਪੈਦਾਵਾਰ ਨੂੰ ਲੈ ਕੇ ਵੀ ਚਿੰਤਾ ਬਣੀ ਹੋਈ ਹੈ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਜਦੋਂ ਉਹ ਆਪਣੀਆਂ ਸਮੱਸਿਆਵਾਂ ਲੈ ਕੇ 220 ਕੇ.ਵੀ. ਗਰਿੱਡ ਵਿਖੇ ਪਹੁੰਚੇ ਤਾਂ ਉੱਥੇ ਕੋਈ ਵੀ ਅਧਿਕਾਰੀ ਮੌਕੇ ’ਤੇ ਮੌਜੂਦ ਨਹੀਂ ਸੀ, ਸਿਰਫ਼ ਮੁਲਾਜ਼ਮ ਹੀ ਮਿਲੇ। ਕਿਸਾਨਾਂ ਅਨੁਸਾਰ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਨਾਮ ਤੋਂ ਜਿਵੇਂ ਫ਼ੋਨ ਰਾਹੀਂ ਹਦਾਇਤ ਮਿਲਦੀ ਹੈ, ਉਸੇ ਅਨੁਸਾਰ ਬਿਜਲੀ ਦੇ ਕੱਟ ਲਗਾ ਦਿੱਤੇ ਜਾਂਦੇ ਹਨ। ਕਿਸਾਨਾਂ ਨੇ ਸਵਾਲ ਉਠਾਇਆ ਕਿ ਜਦੋਂ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਬਿਜਲੀ ਦੀ ਸਭ ਤੋਂ ਵੱਧ ਲੋੜ ਹੈ ਤਾਂ ਫਿਰ ਉਨ੍ਹਾਂ ਨੂੰ ਲੋੜੀਂਦੀ ਸਪਲਾਈ ਕਿਉਂ ਨਹੀਂ ਦਿੱਤੀ ਜਾ ਰਹੀ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਬਿਜਲੀ ਮਹਿਕਮੇ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ 10 ਘੰਟੇ ਨਿਰਵਿਘਨ ਬਿਜਲੀ ਨਾ ਦਿੱਤੀ ਗਈ ਤਾਂ ਕਿਸਾਨ ਜਥੇਬੰਦੀ ਵੱਲੋਂ ਬਹੁਤ ਜਲਦੀ 220 ਕੇ.ਵੀ. ਗਰਿੱਡ ਛਾਜਲੀ ਮੂਹਰੇ ਪੱਕਾ ਧਰਨਾ ਲਗਾਇਆ ਜਾਵੇਗਾ ਅਤੇ ਇਸ ਤੋਂ ਬਾਅਦ ਲੰਬਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਮੀਤਾ ਪਿੰਡ ਇਕਾਈ ਪ੍ਰਧਾਨ, ਭੋਲਾ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਖ਼ਜ਼ਾਨਚੀ, ਦਰਸ਼ਨ ਸਿੰਘ ਪੂਣੀਆਂ, ਗੋਕਲ ਰਾਮ ਪੰਡਿਤ, ਜਗਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਮੋਗਾ ਰੈਲੀ ’ਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਜ਼ਿਕਰ ਨਾ ਕਰਨਾ ‘ਆਪ’ ਦੀ ਨਾਕਾਮੀ ਦਾ ਪੱਕਾ ਸਬੂਤ- ਪਵਨ ਗੋਇਲ ਸੂਬਾ... ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਨੇ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਪ੍ਰਬੰਧਕੀ ਕੰਪਲੈਕਸ ਬਾਹਰ ਕਲਮ ਛੋੜ ਹੜਤਾਲ ਕੀਤੀ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।