ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਨੇ ਮੁੱਖ ਮੰਤਰੀ ਨਿਵਾਸ ਬਾਹਰ ਦੀਵੇ ਬਾਲ਼ ਕੇ ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ ਤਹਿਤ ਸਰਕਾਰੀ ਰਣਬੀਰ ਕਾਲਜ, ਸੰਗਰੂਰ ਦੇ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਅੱਜ ਦੁਪਹਿਰ 3 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਦੀਵਾ ਬਾਲ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦਾ ਮੁੱਖ ਉਦੇਸ਼ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਲਈ ਵਿਧਾਨ ਸਭਾ ਵਿੱਚ ਐਕਟ ਬਣਾਉਣ ਅਤੇ ਪੰਜਾਬ ਦੀ ਉਚੇਰੀ ਸਿੱਖਿਆ ਦੀ ਹੋਂਦ ਬਚਾਉਣ ਵੱਲ ਸਰਕਾਰ ਦਾ ਧਿਆਨ ਦਿਵਾਉਣਾ ਹੈ।
ਸੰਗਰੂਰ, 28 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ ਤਹਿਤ ਸਰਕਾਰੀ ਰਣਬੀਰ ਕਾਲਜ, ਸੰਗਰੂਰ ਦੇ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਅੱਜ ਦੁਪਹਿਰ 3 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਦੀਵਾ ਬਾਲ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦਾ ਮੁੱਖ ਉਦੇਸ਼ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਸਥਾਈ ਰੁਜ਼ਗਾਰ ਲਈ ਵਿਧਾਨ ਸਭਾ ਵਿੱਚ ਐਕਟ ਬਣਾਉਣ ਅਤੇ ਪੰਜਾਬ ਦੀ ਉਚੇਰੀ ਸਿੱਖਿਆ ਦੀ ਹੋਂਦ ਬਚਾਉਣ ਵੱਲ ਸਰਕਾਰ ਦਾ ਧਿਆਨ ਦਿਵਾਉਣਾ ਹੈ। ਸਹਾਇਕ ਪ੍ਰੋਫ਼ੈਸਰਾਂ ਨੇ ਕਿਹਾ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਗਿਆਨ ਦਾ ਚਾਨਣ ਵੰਡਣ ਵਾਲੇ ਅਧਿਆਪਕ ਅੱਜ ਆਪਣੇ ਰੁਜ਼ਗਾਰ ਨੂੰ ਬਚਾਉਣ ਅਤੇ ਸਰਕਾਰ ਦੀ ਜ਼ਮੀਰ ਜਗਾਉਣ ਲਈ ਦੀਵੇ ਬਾਲਣ ਵਾਸਤੇ ਮਜਬੂਰ ਹਨ। ਇਹ ਦੀਵੇ ਮਹਿਜ਼ ਰੋਸ ਦਾ ਪ੍ਰਤੀਕ ਨਹੀਂ, ਸਗੋਂ ਇਨਸਾਫ਼, ਰੁਜ਼ਗਾਰ ਅਤੇ ਸਰਕਾਰੀ ਉਚੇਰੀ ਸਿੱਖਿਆ ਨੂੰ ਬਚਾਉਣ ਦੀ ਉਮੀਦ ਦਾ ਪ੍ਰਤੀਕ ਹਨ। ਪ੍ਰੋਫ਼ੈਸਰਾਂ ਨੇ ਦੋਸ਼ ਲਾਇਆ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਦਾਲਤ ਵਿੱਚ ਯੋਗ ਪੈਰਵਾਈ ਨਾ ਕਰਨ ਅਤੇ ਰਿਵਿਊ ਪਟੀਸ਼ਨ ਨੂੰ ਸੁਚੱਜੇ ਢੰਗ ਨਾਲ ਪੇਸ਼ ਨਾ ਕਰਨ ਕਾਰਨ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਲਗਭਗ 25 ਸਾਲਾਂ ਬਾਅਦ ਹੋਈ ਭਰਤੀ ਰੱਦ ਹੋ ਗਈ। ਇਸ ਕਾਰਨ ਸਰਕਾਰੀ ਕਾਲਜਾਂ ਵਿੱਚ ਪੜ੍ਹਦੇ ਲੱਖਾਂ ਗ਼ਰੀਬ ਅਤੇ ਲੋੜਵੰਦ ਵਿਦਿਆਰਥੀਆਂ ਸਮੇਤ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦਾ ਭਵਿੱਖ ਦਾਅ ਉੱਤੇ ਲੱਗ ਗਿਆ ਹੈ। ਸਹਾਇਕ ਪ੍ਰੋਫ਼ੈਸਰ ਹਰਜਿੰਦਰ ਸਿੰਘ ਅਤੇ ਨਿਰਭੈ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਢੁਕਵਾਂ ਕਾਨੂੰਨ ਬਣਾ ਕੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਕਦਮ ਚੁੱਕ ਸਕਦੀ ਹੈ। ਪਰ ਸਰਕਾਰ ਵੱਲੋਂ ਇਸ ਮਸਲੇ ਦੇ ਸਥਾਈ ਹੱਲ ਲਈ ਲੋੜੀਂਦੀ ਰਾਜਨੀਤਕ ਇੱਛਾ-ਸ਼ਕਤੀ ਨਹੀਂ ਦਿਖਾਈ ਜਾ ਰਹੀ। ਪ੍ਰੋਫ਼ੈਸਰਾਂ ਨੇ ਕਿਹਾ ਕਿ ਇਹ ਸੰਘਰਸ਼ ਕੇਵਲ 1158 ਪਰਿਵਾਰਾਂ ਦੇ ਰੁਜ਼ਗਾਰ ਦਾ ਸੰਘਰਸ਼ ਨਹੀਂ, ਸਗੋਂ ਪੰਜਾਬ ਦੇ ਆਮ ਲੋਕਾਂ ਦੇ ਬੱਚਿਆਂ ਦੀ ਸਸਤੀ ਅਤੇ ਮਿਆਰੀ ਉਚੇਰੀ ਸਿੱਖਿਆ ਦੇ ਅਧਿਕਾਰ ਦਾ ਸੰਘਰਸ਼ ਵੀ ਹੈ। ਸਰਕਾਰੀ ਕਾਲਜਾਂ ਦੀ ਹੋਂਦ ਬਚਾਉਣਾ ਸਮੁੱਚੇ ਪੰਜਾਬ ਦੀ ਸਾਂਝੀ ਜ਼ਿੰਮੇਵਾਰੀ ਹੈ। ਫ਼ਰੰਟ ਵੱਲੋਂ ਪੰਜਾਬ ਦੀਆਂ ਵਿਦਿਆਰਥੀ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਮੁਲਾਜ਼ਮ ਜਥੇਬੰਦੀਆਂ, ਭਰਾਤਰੀ ਜਥੇਬੰਦੀਆਂ ਅਤੇ ਇਨਸਾਫ਼ਪਸੰਦ ਲੋਕਾਂ ਨੂੰ ਇਸ ਸੰਘਰਸ਼ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਸਹਾਇਕ ਪ੍ਰੋਫ਼ੈਸਰਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਪੰਜਾਬ ਸਰਕਾਰ 1158 ਦੇ ਸਥਾਈ ਰੁਜ਼ਗਾਰ ਲਈ ਐਕਟ ਬਣਾਉਣ ਵਾਸਤੇ ਠੋਸ ਕਦਮ ਨਹੀਂ ਚੁੱਕਦੀ, ਉਦੋਂ ਤੱਕ ਉਨ੍ਹਾਂ ਦਾ ਸ਼ਾਂਤਮਈ ਅਤੇ ਜਮਹੂਰੀ ਸੰਘਰਸ਼ ਜਾਰੀ ਰਹੇਗਾ।