ਜ਼ੀਰਾ,21 ਜਨਵਰੀ (ਰਜਨੀਸ਼ ਕਥੂਰੀਆ)-ਤਹਿਸੀਲ ਜ਼ੀਰਾ ਦੇ ਪਿੰਡ ਅਲੀਪੁਰ ਵਿਖੇ ਬਿਜਲੀ ਦੇ ਟਰਾਂਸਫ਼ਾਰਮਰ 'ਤੋਂ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਨਬੀਰ ਸਿੰਘ(18) ਪੁੱਤਰ ਜੱਜਪਾਲ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਜੀਤ ਸਿੰਘ ਵਾਸੀਆਨ ਪਿੰਡ ਅਲੀਪੁਰ ਪਿੰਡ ਵਿੱਚ ਲੱਗੇ ਬਿਜਲੀ ਦੇ ਟਰਾਂਸਫ਼ਾਰਮਰ ਤੋਂ ਫ਼ੇਜ਼ ਬਦਲ ਰਹੇ ਸਨ ਕਿ ਇਸ ਦੌਰਾਨ ਸਵਿੱਚ ਵਾਲੀ ਪਾਈਪ ਟਰਾਂਸਫ਼ਾਰਮਰ ਦੇ ਉੱਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿਚ ਆ ਗਈ | ਜਿਸ ਕਰਕੇ ਰਾਜਨਬੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਕਰੰਟ ਦਾ ਜ਼ੋਰਦਾਰ ਝਟਕਾ ਲੱਗਾ | ਇਸ ਦੌਰਾਨ ਰਾਜਨਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਜਦੋਂਕਿ ਗੁਰਪ੍ਰੀਤ ਸਿੰਘ ਬੇਹੋਸ਼ ਹੋ ਗਿਆ ਜੋ ਕਿ ਹੁਣ ਖ਼ਤਰੇ ਤੋਂ ਬਾਹਰ ਹੈ | ਇੱਥੇ ਵਰਨਣਯੋਗ ਹੈ ਕਿ ਰਾਜਨਬੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਲੜਕਾ ਸੀ | ਇਸ ਜਵਾਨ ਦੁਖਦਾਈ ਮੌਤ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ |