ਫ਼ਿਰੋਜ਼ਪੁਰ, 21 ਜਨਵਰੀ (ਗੁਰਿੰਦਰ ਸਿੰਘ)-ਪੰਜਾਬ ਗਰਾਮੀਣ ਬੈਂਕ ਅਧਿਕਾਰੀ ਫੈਡਰੇਸ਼ਨ ਵਲੋਂ ਜਾਰੀ ਕੀਤੇ ਪੱਤਰ ਰਾਹੀਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਬਸੰਤ ਪੰਚਮੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਰਕਾਰੀ ਛੁੱਟੀ ਐਲਾਨਣ ਦੀ ਮੰਗ ਕੀਤੀ ਗਈ ਹੈ | ਫੈਡਰੇਸ਼ਨ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਅਪੀਲ ਕੀਤੀ ਹੈ ਕਿ ਇਸ ਦਿਨ ਜ਼ਿਲ੍ਹੇ ਅੰਦਰ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰ, ਬੈਂਕ ਅਤੇ ਸੰਬੰਧਿਤ ਸੰਸਥਾਵਾਂ ਬੰਦ ਰੱਖੀਆਂ ਜਾਣ | ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਬਸੰਤ ਪੰਚਮੀ ਵਿਸ਼ੇਸ਼ ਧਾਰਮਿਕ ਅਤੇ ਸਭਿਆਚਾਰਕ ਮਹੱਤਤਾ ਰੱਖਦਾ ਹੈ ਅਤੇ ਇਹ ਤਿਉਹਾਰ ਪੰਜਾਬ ਭਰ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜਿਸ ਦੌਰਾਨ ਪਤੰਗਬਾਜ਼ੀ, ਧਾਰਮਿਕ ਸਮਾਗਮ ਅਤੇ ਰਵਾਇਤੀ ਰਸਮਾਂ ਨਿਭਾਈਆਂ ਜਾਂਦੀਆਂ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਛੁੱਟੀ ਐਲਾਨਣ ਨਾਲ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਤਿਉਹਾਰ ਬਿਨਾਂ ਕਿਸੇ ਰੁਕਾਵਟ ਦੇ ਮਨਾਉਣ ਦਾ ਮੌਕਾ ਮਿਲੇਗਾ | ਫੈਡਰੇਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਬਸੰਤ ਪੰਚਮੀ ਦੇ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਜਾਵੇ | ਉਨ੍ਹਾਂ ਅਖੀਰ ਵਿਚ ਕਿਹਾ ਕਿ ਇਸ ਫ਼ੈਸਲੇ ਨਾਲ ਤਿਉਹਾਰ ਪ੍ਰਤੀ ਲੋਕਾਂ ਵਿਚ ਉਤਸ਼ਾਹ ਵਧੇਗਾ ਅਤੇ ਸਮਾਜਿਕ ਸਾਂਝ ਮਜ਼ਬੂਤ ਹੋਵੇਗੀ | ਇਸ ਮੌਕੇ ਗਗਨਦੀਪ ਸਿੰਘ ਪ੍ਰਧਾਨ, ਰੋਮਿਲ ਅਨੇਜਾ ਕਨਵੀਨਰ, ਸੰਗਤ ਸਿੰਘ, ਇੰਦਰਾਜ ਡੋਗਰਾ ਅਤੇ ਇੰਦਰਜੀਤ ਸਿੰਘ ਸਮੇਤ ਹੋਰ ਅਹੁਦੇਦਾਰ ਹਾਜ਼ਰ ਸਨ |