ਫਿਰੋਜ਼ਪੁਰ, 21 ਜਨਵਰੀ (ਸੁਖਵਿੰਦਰ ਸਿੰਘ)-26 ਜਨਵਰੀ ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰਵਿੰਦ ਕੁਮਾਰ ਵੀ ਹਾਜ਼ਰ ਸਨ | ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫਤਰ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਹੋਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰਿਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ | ਵੱਖ-ਵੱਖ ਵਿਭਾਗਾਂ ਵਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਫ਼ੁਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ | ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖ਼ੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ | ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਸ਼੍ਰੀਮਤੀ ਲਿੰਦੀਆ, ਸਹਾਇਕ ਕਮਿਸ਼ਨਰ ਰਾਜਬੀਰ ਸਿੰਘ (ਅੰਡਰ ਟਰੇਨਿੰਗ) ਡਿਪਟੀ ਡੀ.ਈ.ਓ ਡਾ. ਸਤਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |