ਫ਼ਿਰੋਜ਼ਪੁਰ, 22 ਜਨਵਰੀ (ਰਾਕੇਸ਼ ਚਾਵਲਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਖੇਤਰ 'ਚ ਵੱਡੀ ਯੋਜਨਾ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਂਚ ਕੀਤੀ ਗਈ ਹੈ, ਜਿਸ ਅਧੀਨ ਰਾਜ ਦੇ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਇਸ ਯੋਜਨਾ ਵਿਚ ਕਿਸੇ ਵੀ ਤਰ੍ਹਾਂ ਦੀ ਆਮਦਨ ਜਾਂ ਉਮਰ ਦੀ ਕੋਈ ਸ਼ਰਤ ਨਹੀਂ ਰੱਖੀ ਗਈ ਹੈ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਫਿਰੋਜ਼ਪੁਰ ਤੋਂ ਵੀ ਕਰ ਦਿੱਤੀ ਗਈ ਹੈ | ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਕਿ੍ਟੀਕਲ ਕੇਅਰ, ਕੀਮੋਥੈਰੇਪੀ, ਡਿਲਿਵਰੀ, ਐਡਵਾਂਸ ਸਰਜਰੀਆਂ ਸਮੇਤ ਸਾਰੇ ਟੈੱਸਟ, ਦਵਾਈਆਂ ਤੇ ਸਰਜਰੀਆਂ ਦਾ ਪੂਰਾ ਖ਼ਰਚ ਸਰਕਾਰ ਵਲੋਂ ਉਠਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਅਧੀਨ ਪੂਰਾ ਪਰਿਵਾਰ ਕਵਰ ਕੀਤਾ ਜਾਵੇਗਾ | ਵਿਧਾਇਕ ਨੇ ਦੱਸਿਆ ਕਿ ਯੋਜਨਾ ਅਧੀਨ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ 600 ਤੋਂ ਵੱਧ ਪ੍ਰਾਈਵੇਟ ਹਸਪਤਾਲ ਵੀ ਸ਼ਾਮਿਲ ਕੀਤੇ ਗਏ ਹਨ ਅਤੇ ਚੰਡੀਗੜ੍ਹ ਦੇ ਹਸਪਤਾਲਾਂ ਵਿਚ ਵੀ ਇਸ ਸਕੀਮ ਦਾ ਲਾਭ ਮਿਲੇਗਾ | ਹਸਪਤਾਲਾਂ ਨੂੰ 15 ਦਿਨਾਂ ਦੇ ਅੰਦਰ ਭੁਗਤਾਨ ਕਰਨ ਦੀ ਵਿਵਸਥਾ ਕੀਤੀ ਗਈ ਹੈ | ਉਨ੍ਹਾਂ ਅੱਗੇ ਦੱਸਿਆ ਕਿ ਰਜਿਸਟਰੇਸ਼ਨ ਲਈ ਪੰਜਾਬ ਦਾ ਆਧਾਰ ਕਾਰਡ ਤੇ ਵੋਟਰ ਕਾਰਡ ਲਾਜ਼ਮੀ ਹੋਵੇਗਾ ਅਤੇ ਰਾਜ ਭਰ 'ਚ 9 ਹਜ਼ਾਰ ਤੋਂ ਵੱਧ ਸੇਵਾ ਕੇਂਦਰਾਂ 'ਤੇ ਕਾਰਡ ਬਣਾਏ ਜਾਣਗੇ | ਯੂਥ ਕਲੱਬਾਂ ਦੇ ਮੈਂਬਰ ਘਰ-ਘਰ ਜਾ ਕੇ ਲੋਕਾਂ ਨੂੰ ਇਸ ਯੋਜਨਾ ਬਾਰੇ ਜਾਗਰੂਕ ਕਰਨਗੇ | ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ ਹੈ, ਜਿਸ ਨਾਲ ਕੋਈ ਵੀ ਪੰਜਾਬੀ ਇਲਾਜ ਦੀ ਕਮੀ ਕਾਰਨ ਆਪਣੀ ਜਾਨ ਨਹੀਂ ਗੁਆਏਗਾ | ਇਹ ਯੋਜਨਾ ਬਿਨਾਂ ਕਿਸੇ ਭੇਦਭਾਵ ਦੇ ਹਰ ਵਰਗ ਦੇ ਲੋਕਾਂ ਦੇ ਲਈ ਹੈ |