ਜ਼ੀਰਾ, 18 ਫਰਵਰੀ (ਰਜਨੀਸ਼ ਕਥੂਰੀਆ)-ਨਗਰ ਕੌਂਸਲ ਜ਼ੀਰਾ ਦੀਆਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦੀਆਂ ਉਮੀਦਾਂ ਨੂੰ ਅਜੇ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ | ਨਗਰ ਕੌਂਸਲ ਜ਼ੀਰਾ ਦੀ ਵਾਰਡਬੰਦੀ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚ ਸੁਣਵਾਈ 18 ਮਾਰਚ 'ਤੇ ਪੈ ਗਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਨਗਰ ਕੌਂਸਲ ਜ਼ੀਰਾ ਦੀਆਂ ਚੋਣਾਂ ਲਈ ਕੀਤੀ ਗਈ ਵਾਰਡਬੰਦੀ ਨੂੰ ਕਾਂਗਰਸੀ ਕੌਂਸਲਰ ਗੁਰਭਗਤ ਸਿੰਘ ਗਿੱਲ ਤੇ ਹੋਰਾਂ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਚੁਨੌਤੀ ਦਿੱਤੀ ਗਈ ਹੈ | ਇਸ ਸੰਬੰਧ ਵਿਚ ਗੁਰਭਗਤ ਸਿੰਘ ਗਿੱਲ ਤੇ ਹੋਰਾਂ ਵਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਬੁੱਧਵਾਰ ਨੂੰ ਮੁੜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਡਬਲ ਬੈਂਚ ਵਲੋਂ ਸੁਣਵਾਈ ਹੋਈ ਹੈ | ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਦੇ ਵਕੀਲਾਂ ਵਲੋਂ ਕੋਈ ਵੀ ਆਰਗੂ ਨਹੀਂ ਕੀਤਾ ਗਿਆ | ਇਸ ਤੋਂ ਬਾਅਦ ਮਾਨਯੋਗ ਡਬਲ ਬੈਂਚ ਅਦਾਲਤ ਨੇ ਇਸ ਕੇਸ ਦੀ ਅਗਲੀ ਸੁਣਵਾਈ 18 ਮਾਰਚ 'ਤੇ ਮੁਕੱਰਰ ਕਰ ਦਿੱਤੀ ਹੈ | ਜਦੋਂਕਿ ਨੋਟਿਸ ਰਿਕਾਰਡਿੰਗ ਸਟੇਅ ਜਾਰੀ ਹੈ | ਇੱਥੇ ਵਰਨਣਯੋਗ ਹੈ ਕਿ ਪੰਜਾਬ ਦੇ ਅਨੇਕਾਂ ਸ਼ਹਿਰਾਂ ਦੀਆਂ ਨਗਰ ਕੌਂਸਲ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਲਈ ਪੰਜਾਬ ਸਰਕਾਰ ਵਲੋਂ ਕੀਤੀਆਂ ਗਈਆਂ ਵਾਰਡਬੰਦੀਆਂ ਨੂੰ ਵਿਰੋਧੀ ਧਿਰਾਂ ਵਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਰਿਟਾਂ ਦਾਇਰ ਕਰਕੇ ਚੁਨੌਤੀ ਦਿੱਤੀ ਗਈ ਹੈ | ਜਿਨ੍ਹਾਂ ਨੂੰ ਕਲੱਬ ਕਰਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਸੁਣਵਾਈ ਕੀਤੀ ਜਾ ਰਹੀ ਹੈ |