ਫ਼ਾਜ਼ਿਲਕਾ, 1 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਆਰੰਭੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿਚ 'ਟੀ.ਬੀ. ਮੁਕਤ ਭਾਰਤ ਅਭਿਆਨ' ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ | ਨੈਸ਼ਨਲ ਟੀ.ਬੀ. ਐਲੀਮੀਨੇਸ਼ਨ ਪ੍ਰੋਗਰਾਮ ਅਧੀਨ 24 ਮਾਰਚ ਤੋਂ ਸ਼ੁਰੂ ਹੋਏ 100 ਦਿਨਾਂ ਦੇ ਇਸ ਵਿਸ਼ੇਸ਼ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਹਾਈ ਰਿਸਕ ਪਿੰਡਾਂ ਵਿਚ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ | ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੀ.ਬੀ.ਦੀ ਬਿਮਾਰੀ ਦੀ ਜੇਕਰ ਸਮੇਂ ਸਿਰ ਪਛਾਣ ਹੋ ਜਾਵੇ ਤਾਂ ਇਸ ਦਾ ਇਲਾਜ ਪੂਰੀ ਤਰ੍ਹਾਂ ਸੰਭਵ ਹੈ | ਉਨ੍ਹਾਂ ਕਿਹਾ ਕਿ ਜਲਦੀ ਪਛਾਣ ਹੋਣ ਨਾਲ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਵੀ ਰੋਕਿਆ ਜਾ ਸਕਦਾ ਹੈ | ਇਹ ਮੁਹਿੰਮ ਜ਼ਿਲ੍ਹਾ ਟੀ.ਬੀ.ਅਫ਼ਸਰ ਡਾ. ਨੀਲੂ ਚੁੱਘ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਚੱਲ ਰਹੀ ਹੈ, ਜਿਸ ਵਿਚ ਹੈਂਡਹੇਲਡ ਐਕਸ-ਰੇ ਮਸ਼ੀਨਾਂ ਰਾਹੀਂ ਮੌਕੇ 'ਤੇ ਹੀ ਮੁਫ਼ਤ ਐਕਸ-ਰੇ ਕੀਤੇ ਜਾ ਰਹੇ ਹਨ | ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨੀਲੂ ਚੁੱਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ 15 ਦਿਨਾਂ ਤੋਂ ਵੱਧ ਖਾਂਸੀ, ਸ਼ਾਮ ਵੇਲੇ ਬੁਖ਼ਾਰ, ਭਾਰ ਘਟਣਾ ਜਾਂ ਭੁੱਖ ਨਾ ਲੱਗਣ ਵਰਗੇ ਲੱਛਣ ਦਿੱਖਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿਚ ਸੰਪਰਕ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਆਪਣਾ ਇਲਾਜ ਪੂਰਾ ਕਰਨਾ ਚਾਹੀਦਾ ਹੈ, ਮਾਸਿਕ ਪਹਿਨਣਾ ਚਾਹੀਦਾ ਹੈ ਅਤੇ ਸੰਤੁਲਿਤ ਖ਼ੁਰਾਕ ਲੈਣੀ ਚਾਹੀਦੀ ਹੈ | ਇਸ ਮੌਕੇ ਡਾ. ਰਿੰਕੂ ਚਾਵਲਾ, ਡਾ. ਸੁਨੀਤਾ ਕੰਬੋਜ ਅਤੇ ਮਾਸ ਮੀਡੀਆ ਵਿੰਗ ਦੇ ਮੈਂਬਰ ਵੀ ਹਾਜ਼ਰ ਸਨ |