ਫ਼ਿਰੋਜ਼ਪੁਰ, 1 ਅਪ੍ਰੈਲ(ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਅੱਜ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹ ਦਾਅਵਾ ਖੋਖਲਾ ਸਾਬਤ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ ਨੇ ਫ਼ਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਤੋਂ ਤਸਵੀਰ ਜਾਰੀ ਕਰਦਿਆਂ ਹੋਇਆ ਕੀਤਾ | ਉਨ੍ਹਾਂ ਕਿਹਾ ਕਿ ਹਰ ਫਸਲ ਤੋਂ ਪਹਿਲਾਂ ਮੰਡੀਆਂ ਵਿਚ ਆੜ੍ਹਤੀਆਂ ਵਲੋਂ ਖ਼ਰੀਦ ਤੋਂ ਪਹਿਲਾਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਦਿੱਤੀ ਜਾਂਦੀ ਹੈ | ਜਿਸ ਨਾਲ ਕਿਸਾਨਾਂ ਨੂੰ ਵੱਡੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਮਾਂ ਰਹਿੰਦੇ ਆੜ੍ਹਤੀਆਂ, ਟਰੱਕ ਓਪਰੇਟਰਾਂ ਅਤੇ ਮੰਡੀ ਨਾਲ ਜੁੜੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਤਾਂ ਜੋ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ | ਮਹਿਮਾ ਨੇ ਕਿਹਾ ਕਿ ਮਾਰਕੀਟ ਕਮੇਟੀ ਛਾਉਣੀ ਵਲੋਂ ਵੀ ਖ਼ਰੀਦ ਕੇਂਦਰਾਂ 'ਤੇ ਹਾਲੇ ਤੱਕ ਕੋਈ ਵੀ ਲੋੜੀਂਦੇ ਪ੍ਰਬੰਧ ਨਹੀਂ ਕੀਤੇ ਗਏ | ਆਗੂ ਨੇ ਅੱਗੇ ਕਿਹਾ ਕਿ ਕਾਰਪੋਰੇਟ ਦੇ ਅੰਨ੍ਹੀ ਲੁੱਟ ਕਰਨ ਦੇ ਮਨਸੂਬਿਆਂ ਕਾਰਨ ਕੁਦਰਤ ਨਾਲ ਵੱਡੀ ਪੱਧਰ ਤੇ ਖਿਲਵਾੜ ਹੋ ਰਿਹਾ ਹੈ ਅਤੇ ਆਲਮੀ ਪੱਧਰ ਤੇ ਕੀਤੇ ਜਾ ਰਹੇ ਅਣਮਨੁੱਖੀ ਵਿਗਿਆਨਕ ਤਜਰਬਿਆਂ ਕਾਰਨ ਧਰਤੀ ਦੇ ਵਾਤਾਵਰਨ ਦੀ ਭਾਰੀ ਤਬਾਹੀ ਹੋ ਰਹੀ ਹੈ | ਜਿਸ ਕਰਕੇ ਵਿਗੜਦਾ ਮੌਸਮ ਹਰ ਵਾਰ ਕਿਸਾਨਾਂ ਦੀਆਂ ਫਸਲਾਂ ਤਬਾਹ ਕਰ ਦਿੰਦਾ ਹੈ | ਮਹਿਮਾ ਨੇ ਅੱਗੇ ਕਿਹਾ ਕਿ ਬੀਤੀ ਰਾਤ ਹੋਈ ਭਾਰੀ ਮਾਤਰਾ ਵਿਚ ਗੜੇਮਾਰੀ ਨਾਲ ਖ਼ਰਾਬ ਹੋਈਆਂ ਫਸਲਾਂ ਦਾ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਅੱਗੇ ਤੋਂ ਫਸਲਾਂ ਲਈ ਕਿਸਾਨ ਪੱਖੀ ਬੀਮਾ ਯੋਜਨਾ ਨੂੰ ਅਮਲ ਵਿਚ ਲਿਆਂਦਾ ਜਾਵੇ |