ਫ਼ਿਰੋਜ਼ਪੁਰ, 1 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਜ਼ਿਲ੍ਹਾ ਪ੍ਰਧਾਨ ਜਗੀਰ ਸਿੰਘ ਖਹਿਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਮੂਹ ਖੇਤਰਾਂ ਵਿਚ ਬੀਤੀ ਰਾਤ ਨੂੰ ਭਾਰੀ ਗੜੇਮਾਰੀ ਨਾਲ ਬਾਰਸ਼ ਅਤੇ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ, ਮਿਰਚ, ਸਰੋਂ੍ਹ ਅਤੇ ਸਬਜ਼ੀਆਂ ਦਾ ਭਾਰੀ ਮਾਤਰਾ ਵਿਚ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿਚ ਵੀ ਆਲੂ ਅਤੇ ਮਟਰ ਦੀ ਖੇਤੀ ਵਿਚੋਂ ਰੇਟ ਘੱਟ ਹੋਣ ਕਾਰਨ ਕਿਸਾਨਾਂ ਨੂੰ ਵੱਡਾ ਆਰਥਿਕ ਘਾਟਾ ਪਿਆ ਹੈ, ਜਿਸ ਨਾਲ ਕਿਸਾਨ ਵਰਗ ਭਾਰੀ ਪ੍ਰੇਸ਼ਾਨੀ ਦੇ ਦੌਰ ਵਿਚੋਂ ਗੁੱਜਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇੱਕ ਵਾਰ ਫਿਰ ਹਨੇ੍ਹਰੀ, ਬਾਰਸ਼ ਅਤੇ ਗੜੇਮਾਰੀ ਨਾਲ ਵੱਖ-ਵੱਖ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਮੰਗ ਕੀਤੀ ਹੈ ਕਿ ਹੋਏ ਨੁਕਸਾਨ ਦਾ ਟੀਮਾਂ ਭੇਜ ਕੇ ਜਲਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਕਿਸਾਨ ਅੱਗੇ ਆਉਣ ਵਾਲੀ ਫ਼ਸਲ ਲਈ ਸਮਰੱਥ ਹੋ ਸਕੇ | ਆਗੂਆਂ ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਵੀ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ ਅਤੇ ਭਾਰੀ ਬਾਰਸ਼ ਨਾਲ ਹੋਏ ਡੋਬੇ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਜਲਦੀ ਹੀ ਇਸ ਉੱਪਰ ਕੋਈ ਗ਼ੌਰ ਨਹੀਂ ਕਰਦੇ ਤਾਂ ਜਥੇਬੰਦੀ ਵਲੋਂ ਆਉਣ ਵਾਲੇ ਦਿਨਾਂ ਵਿਚ ਵੱਡਾ ਸੰਘਰਸ਼ ਕੀਤਾ ਜਾਵੇਗਾ | ਜਿਸ ਦੀ ਜ਼ੁੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ |