ਮੱਖੂ,14 ਅਪ੍ਰੈਲ (ਸੰਧੂ)-ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਕਿਸਾਨਾਂ ਨੇ ਵੱਡੇ ਉਤਸ਼ਾਹ ਨਾਲ ਕਟਾਈ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ 'ਤੇ ਹੁਣ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਕਣਕ ਦੀ ਫ਼ਸਲ ਦੀ ਸਮੇਂ ਸਿਰ ਅਤੇ ਬਿਨਾ ਕਿਸੇ ਰੁਕਾਵਟ ਦੇ ਖ਼ਰੀਦ ਕਰਕੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕੀਤਾ ਜਾਵੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਵਾਰ ਕਈ ਥਾਵਾਂ 'ਤੇ ਮੀਂਹ ਅਤੇ ਗੜਿਆਂ ਕਾਰਨ ਕਣਕ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ | ਇਸ ਹਾਲਤ ਵਿਚ ਸਰਕਾਰ ਨੂੰ ਖ਼ਾਸ ਤੌਰ 'ਤੇ ਨਰਮੀ ਵਰਤਣੀ ਚਾਹੀਦੀ ਹੈ ਅਤੇ ਕਿਸਾਨਾਂ ਦੀ ਕਣਕ ਨੂੰ ਬਿਨਾ ਕਿਸੇ ਕਟੌਤੀ ਜਾਂ ਅਣਗੌਲ ਦੇ ਖ਼ਰੀਦਣਾ ਚਾਹੀਦਾ ਹੈ | ਉਨ੍ਹਾਂ ਮੰਗ ਕੀਤੀ ਕਿ ਖ਼ਰੀਦ ਕੇਂਦਰਾਂ 'ਤੇ ਤੁਰੰਤ ਭੁਗਤਾਨ, ਢੁਕਵੇਂ ਸਟੋਰੇਜ ਅਤੇ ਲਿਫ਼ਟਿੰਗ ਦੇ ਪ੍ਰਬੰਧ ਯਕੀਨੀ ਬਣਾਏ ਜਾਣ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |