ਫ਼ਿਰੋਜ਼ਪੁਰ, 7 ਮਈ (ਗੁਰਿੰਦਰ ਸਿੰਘ)-ਪੰਚਾਇਤ ਸੰਮਤੀ ਫਿਰੋਜ਼ਪੁਰ ਅਧੀਨ ਸੇਵਾ ਨਿਭਾ ਰਹੇ ਪੰਚਾਇਤ ਸਕੱਤਰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਤੋਂ ਬਿਨਾਂ ਹੀ ਡਿਊਟੀ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਗੰਭੀਰ ਆਰਥਿਕ ਅਤੇ ਘਰੇਲੂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਮੁਤਾਬਿਕ ਇਹ ਮੁਲਾਜ਼ਮ ਫਰਵਰੀ 2026 ਤੋਂ ਲਗਾਤਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ, ਪਰ ਉਨ੍ਹਾਂ ਨੂੰ ਅਜੇ ਤੱਕ ਤਨਖ਼ਾਹ ਨਹੀਂ ਮਿਲੀ | ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਦੱਸਿਆ ਕਿ ਇਕ ਪਾਸੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਸਮੇਂ-ਸਿਰ ਤਨਖ਼ਾਹਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਹਕੀਕਤ 'ਚ ਫ਼ੀਲਡ ਪੱਧਰ 'ਤੇ ਕੰਮ ਕਰ ਰਹੇ ਮੁਲਾਜ਼ਮ ਆਰਥਿਕ ਤੰਗੀ ਦਾ ਸ਼ਿਕਾਰ ਬਣੇ ਹੋਏ ਹਨ | ਪੰਚਾਇਤ ਸਕੱਤਰਾਂ ਨੇ ਦੱਸਿਆ ਕਿ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਲਈ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ | ਮੁਲਾਜ਼ਮਾਂ ਨੇ ਕਿਹਾ ਕਿ ਬੱਚਿਆਂ ਦੀ ਸਕੂਲ ਅਤੇ ਕਾਲਜ ਫ਼ੀਸ, ਘਰੇਲੂ ਖ਼ਰਚੇ ਅਤੇ ਹੋਰ ਲਾਜ਼ਮੀ ਅਦਾਇਗੀਆਂ ਕਰਨਾ ਉਹਨਾਂ ਲਈ ਚੁਣੌਤੀ ਬਣ ਗਿਆ ਹੈ | ਕਈ ਮੁਲਾਜ਼ਮ ਕਰਜ਼ਾ ਲੈ ਕੇ ਗੁਜ਼ਾਰਾ ਕਰਨ ਲਈ ਮਜਬੂਰ ਹਨ, ਜਿਸ ਨਾਲ ਉਨ੍ਹਾਂ ਦੀ ਮਾਨਸਿਕ ਪ੍ਰੇਸ਼ਾਨੀ ਵੀ ਵੱਧ ਰਹੀ ਹੈ | ਪੀੜਤ ਮੁਲਾਜ਼ਮਾਂ ਨੇ ਸੰਬੰਧਤ ਅਧਿਕਾਰੀਆਂ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਤੁਰੰਤ ਲੋੜੀਂਦੇ ਫ਼ੰਡ ਜਾਰੀ ਕਰਕੇ ਬਕਾਇਆ ਤਨਖ਼ਾਹਾਂ ਅਦਾ ਕੀਤੀਆਂ ਜਾਣ |