ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਕਰ ਉਸ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਲਾਈਟਾਂ ਵਾਲਾ ਚੌਂਕ ਫ਼ਿਰੋਜ਼ਪੁਰ ਕੈਂਟ ਮੌਜੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੋਹਿਤ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਝਾਂਸਾ ਥਾਣਾ ਝਾਂਸਾ, ਜ਼ਿਲ੍ਹਾ ਕੁਰੂਕਸ਼ੇਤਰ ਹਰਿਆਣਾ ਅਤੇ ਲਵ ਪੁੱਤਰ ਜੈਂਕੀ ਵਾਸੀ ਜਨਤਾ ਪ੍ਰੀਤ ਨਗਰ ਫ਼ਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦੇ ਆਦੀ ਹਨ ਤੇ ਇਸ ਵਕਤ ਵੀ ਧੋਬੀ ਘਾਟ ਰੋਡ 'ਤੇ ਖ਼ਾਲੀ ਜਗ੍ਹਾ ਪਾਸ ਹੈਰੋਇਨ ਵੇਚਣ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ | ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ 'ਤੇ ਰੇਡ ਮਾਰ ਕੇ ਦੋਵਾਂ ਮੁਲਜ਼ਮਾਂ ਪਾਸੋਂ 70 ਗ੍ਰਾਮ ਹੈਰੋਇਨ ਬਰਾਮਦ ਕਰ ਉਨ੍ਹਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ |