ਗੁਰੂਹਰਸਹਾਏ, 7 ਮਈ(ਕਪਿਲ ਕੰਧਾਰੀ)-ਸਮਾਜ ਸੇਵਾ ਦੇ ਕੰਮਾਂ ਵਿਚ ਹਮੇਸ਼ਾ ਅੱਗੇ ਰਹਿਣ ਵਾਲੀ ਸ਼ਹਿਰ ਦੀ ਸਮਾਜ ਸੇਵਾ ਸੁਸਾਇਟੀ ਵਲੋਂ ਪ੍ਰਧਾਨ ਮਦਨ ਮੋਹਨ ਕੰਧਾਰੀ ਦੀ ਅਗਵਾਈ ਹੇਠ ਸ਼ਹਿਰ ਦੇ ਨਾਲ ਲੱਗਦੇ ਪਿੰਡ ਜਵਾਏ ਸਿੰਘ ਵਾਲਾ ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਪੜ੍ਹਦੇ ਅੰਗਹੀਣ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ ਗਏ | ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਬੱਚਿਆਂ ਨਾਲ ਸਮਾਂ ਬਿਤਾਉਂਦੇ ਹੋਏ ਉਨ੍ਹਾਂ ਦਾ ਹੌਸਲਾ ਵੀ ਵਧਾਇਆ ਗਿਆ | ਇਸ ਮੌਕੇ ਜਾਣਕਾਰੀ ਦੇਂਦੇ ਹੋਏ ਸੁਸਾਇਟੀ ਦੇ ਪ੍ਰਧਾਨ ਮਦਨ ਮੋਹਨ ਕੰਧਾਰੀ, ਸੈਕਟਰੀ ਬੂੜ ਚੰਦ ਬਿੰਦਰਾ,ਕੈਸ਼ੀਅਰ ਆਦਰਸ਼ ਪਾਲ ਧਵਨ, ਪਵਨ ਕੰਧਾਰੀ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਸਿੱਖਿਆ ਅਤੇ ਹੌਸਲਾ ਅਫਜ਼ਾਈ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਅਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਲਈ ਅਜਿਹੇ ਉਪਰਾਲੇ ਭਵਿੱਖ ਵਿਚ ਵੀ ਉਨ੍ਹਾਂ ਦੀ ਸੋਸਾਇਟੀ ਵਲੋ ਜਾਰੀ ਰਹਿਣਗੇ | ਸਕੂਲ ਦੇ ਅਧਿਆਪਕ ਗੁਰਵਿੰਦਰ ਗੋਲਡੀ, ਸੋਨਮ ਅਤੇ ਸਕੂਲ ਸਟਾਫ਼ ਵਲੋਂ ਸਮਾਜ ਸੇਵਾ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਕਾਫ਼ੀ ਪੇ੍ਰਰਨਾ ਮਿਲਦੀ ਹੈ | ਇਸ ਮੌਕੇ ਸੁਸਾਇਟੀ ਦੇ ਮੈਂਬਰ, ਸਕੂਲ ਸਟਾਫ਼ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ |