ਗੁਰੂਹਰਸਹਾਏ, 7 ਮਈ (ਕਪਿਲ ਕੰਧਾਰੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਵਲੋਂ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ | ਇਸੇ ਤਹਿਤ ਗ੍ਰਾਮ ਪੰਚਾਇਤ ਬਸਤੀ ਮੱਘਰ ਸਿੰਘ ਵਾਲੀ ਨੂੰ ਪਾਣੀ ਦੀ ਸਹੂਲਤ ਨੂੰ ਹੋਰ ਮਜ਼ਬੂਤ ਕਰਨ ਲਈ ਪਾਣੀ ਦਾ ਟੈਂਕਰ ਭੇਟ ਕੀਤਾ ਗਿਆ | ਇਸ ਮੌਕੇ ਵਿਧਾਇਕ ਦੀ ਧਰਮਪਤਨੀ ਚਰਨਜੀਤ ਕੌਰ ਨੇ ਕੋਠੀ ਆਨੰਦ ਨਿਵਾਸ ਤੋਂ ਪਾਣੀ ਵਾਲੇ ਟੈਂਕ ਨੂੰ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਆਉਣ ਵਾਲੇ ਸਮੇਂ ਵਿਚ ਵੀ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ | ਗ੍ਰਾਮ ਪੰਚਾਇਤ ਬਸਤੀ ਮੱਘਰ ਸਿੰਘ ਵਾਲੀ ਦੇ ਸਰਪੰਚ ਗੁਰਮੀਤ ਸਿੰਘ ਨੇ ਹਲਕਾ ਵਿਧਾਇਕ ਫ਼ੌਜਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਚਰਨਜੀਤ ਕੌਰ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਾਣੀ ਦੇ ਟੈਂਕ ਨਾਲ ਪਿੰਡ ਵਾਸੀਆਂ ਨੂੰ ਕਾਫ਼ੀ ਸਹੂਲਤ ਮਿਲੇਗੀ ਅਤੇ ਪਾਣੀ ਸਬੰਧੀ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ | ਉਨ੍ਹਾਂ ਕਿਹਾ ਕਿ ਵਿਧਾਇਕ ਵਲੋਂ ਹਮੇਸ਼ਾ ਹੀ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਂਦੀ ਹੈ, ਜਿਸ ਕਾਰਨ ਹਲਕੇ ਦੇ ਕਈ ਪਿੰਡਾਂ ਵਿਚ ਵਿਕਾਸ ਦੇ ਨਵੇਂ ਕੰਮ ਹੋ ਰਹੇ ਹਨ | ਇਸ ਦੌਰਾਨ ਹੋਰ ਪਿੰਡਾਂ ਦੇ ਸਰਪੰਚਾਂ ਨੂੰ ਵੀ ਆਪਣੇ-ਆਪਣੇ ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਅਤੇ ਲੋਕ ਭਲਾਈ ਦੇ ਕੰਮਾਂ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ |