ਮੰਡੀ ਘੁਬਾਇਆ, 7 ਮਈ (ਅਮਨ ਬਵੇਜਾ)-ਹਲਕਾ ਜਲਾਲਾਬਾਦ ਦੇ ਪਿੰਡ ਘੁਬਾਇਆ ਵਿਖੇ ਚੱਲ ਰਹੇ ਫਿਰਨੀ ਤੇ ਸੜਕ ਨਿਰਮਾਣ ਦੇ ਕੰਮ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਸੰੰਧਿਤ ਅਧਿਕਾਰੀਆਂ ਅਤੇ ਠੇਕੇਦਾਰ ਨਾਲ ਗੱਲਬਾਤ ਕਰਕੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਕੰਮ ਨੂੰ ਸਮੇਂ ਸਿਰ ਅਤੇ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਵਧੀਆ ਸੜਕ ਸਹੂਲਤਾਂ ਦੇਣਾ ਪੰਜਾਬ ਸਰਕਾਰ ਦੀ ਪਹਿਲ ਹੈ | ਉਨ੍ਹਾਂ ਕਿਹਾ ਕਿ ਖ਼ਰਾਬ ਸੜਕਾਂ ਕਾਰਨ ਲੋਕਾਂ ਨੂੰ ਲੰਮੇ ਸਮੇਂ ਤੋਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਇਹ ਸੜਕ ਸਰਹੱਦੀ ਪਿੰਡਾਂ ਨੂੰ ਫਾਜ਼ਿਲਕਾ-ਫਿਰੋਜ਼ਪੁਰ ਰੋਡ ਨਾਲ ਜੋੜਦੀ ਹੈ | ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਸੜਕ ਬਣਨ ਨਾਲ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਪਿੰਡ ਦੇ ਵਿਕਾਸ ਨੂੰ ਵੀ ਗਤੀ ਮਿਲੇਗੀ | ਉਨ੍ਹਾਂ ਕਿਹਾ ਕਿ ਪਿੰਡ ਘੁਬਾਇਆ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਿੰਡ ਘੁਬਾਇਆ 'ਚ ਇਸ ਤੋਂ ਪਹਿਲਾਂ ਲਾਇਬ੍ਰੇਰੀ ਦਾ ਨਿਰਮਾਣ ਕਰਵਾਇਆ ਗਿਆ ਹੈ | ਸਟੇਡੀਅਮ ਬਣ ਰਿਹਾ, ਪਿੰਡ ਦੇ ਲੋਕਾਂ ਲਈ ਬੱਸ ਸਟੈਂਡ ਬਣਾ ਕੇ ਦਿੱਤਾ ਗਿਆ ਹੈ | ਸੀਵਰੇਜ ਪਾ ਕੇ ਪਿੰਡ ਦੇ ਲੋਕਾਂ ਦੀ ਸਮੱਸਿਆ ਦਾ ਹੱਲ ਕੀਤਾ ਗਿਆ ਹੈ ਅਤੇ ਸ਼ਮਸ਼ਾਨਘਾਟ 'ਚ ਸ਼ੈੱਡ ਬਣਾ ਕੇ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਪਿੰਡ 'ਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪੈ ਚੁੱਕੀਆਂ ਹਨ | ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੀ ਇਹ ਵਿਕਾਸ ਕਾਰਜਾਂ ਕਰਵਾ ਕੇ ਦਿੱਤੇ ਗਏ ਹਨ | ਉਨ੍ਹਾਂ ਖੇਤਰ ਦੇ ਸਿਆਸੀ ਲੀਡਰਾਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਇੰਨਾ ਕੰਮਾਂ ਦਾ ਕਰੈਡਿਟ ਲੈਣ ਦੀ ਕੋਸ਼ਿਸ਼ ਨਾ ਕਰਨ | ਇਹ ਕੰਮ ਪੰਜਾਬ ਸਰਕਾਰ ਦੀ ਅਗਵਾਈ 'ਚ ਨੇਪਰੇ ਚੜ੍ਹ ਰਹੇ ਹਨ | ਇਸ ਮੌਕੇ ਉਨ੍ਹਾਂ ਪਿੰਡ ਦੇ ਬੱਸ ਸਟੈਂਡ ਦਾ ਉਦਘਾਟਨ ਵੀ ਕੀਤਾ | ਇਸ ਤੋਂ ਇਲਾਵਾ ਉਨ੍ਹਾਂ ਪਿੰਡ ਜੱਲਾ ਲਖੇ ਕੇ ਹਿਠਾੜ (ਧੁਨਕੀਆਂ) ਵਿਖੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ | ਇਸ ਮੌਕੇ ਹਲਕੇ ਦੇ ਪਿੰਡਾਂ ਦੇ ਆਗੂ ਹਾਜ਼ਰ ਸਨ |