ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨਗਰ ਕੌਂਸਲ ਦਫ਼ਤਰ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ 'ਤੇ ਹੀ ਨਿਪਟਾਰਾ ਕੀਤਾ | ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਵਾਰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ | ਵਿਧਾਇਕ ਸਵਨਾ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਫ਼ੰਡਾਂ ਦੀ ਕੋਈ ਕਮੀ ਨਹੀਂ ਛੱਡੀ ਜਾ ਰਹੀ | ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਲਈ 7 ਕਰੋੜ, ਨਵੇਂ ਸੀਵਰੇਜ ਸਿਸਟਮ ਲਈ 5.82 ਕਰੋੜ ਅਤੇ ਇੰਟਰ ਲੋਕ ਟਾਈਲਾਂ ਲਗਾਉਣ ਲਈ ਲਗਭਗ 7 ਕਰੋੜ ਰੁਪਏ ਜਾਰੀ ਕੀਤੇ ਗਏ ਹਨ | ਘੰਟਾ ਘਰ ਦੇ ਆਸ-ਪਾਸ ਦੀਆਂ ਸੜਕਾਂ, ਰਾਜਾ ਚੌਂਕ ਤੋਂ ਐਮ.ਆਰ. ਕਾਲਜ, ਸ਼ਿਵਪੁਰੀ ਰੋਡ ਅਤੇ ਗਾਂਧੀ ਚੌਂਕ ਵਰਗੀਆਂ ਪ੍ਰਮੁੱਖ ਸੜਕਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ | ਆਗਾਮੀ ਨਗਰ ਕੌਂਸਲ ਚੋਣਾਂ ਬਾਰੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਪੂਰੀ ਤਰ੍ਹਾਂ ਤਿਆਰ ਹਨ | ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਫ਼ਾਜ਼ਿਲਕਾ ਦੀਆਂ ਸਾਰੀਆਂ 25 ਸੀਟਾਂ 'ਤੇ ਸ਼ਾਨਦਾਰ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿੱਤੀ ਜਾ ਰਹੀ 600 ਯੂਨਿਟ ਮੁਫ਼ਤ ਬਿਜਲੀ, 10 ਲੱਖ ਤੱਕ ਦਾ ਮੁਫ਼ਤ ਇਲਾਜ ਅਤੇ ਮਹਿਲਾਵਾਂ ਲਈ ਸ਼ੁਰੂ ਕੀਤੀਆਂ ਵਿਸ਼ੇਸ਼ ਯੋਜਨਾਵਾਂ ਸਦਕਾ ਲੋਕ 'ਆਪ' ਦਾ ਹੀ ਸਾਥ ਦੇਣਗੇ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਅੰਦਰ ਨੇਪਰੇ ਚਾੜਿ੍ਹਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ |