ਕਿਸਾਨਾਂ ਨੂੰ ਫ਼ਸਲਾਂ ਦੀ ਕਾਸ਼ਤ ਸੰਬੰਧੀ ਨੁਕਤੇ, ਮੰਡੀਕਰਨ ਅਤੇ ਪਰਾਲੀ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ
ਫ਼ਿਰੋਜ਼ਪੁਰ, 1 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕ ਤੇ ਨਾੜ-ਪਰਾਲੀ ਦੀ ਸੁਚੱਜੀ ਸੰਭਾਲ ਤੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਡਾ. ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਲਗਾਇਆ ਗਿਆ ।
ਫ਼ਿਰੋਜ਼ਪੁਰ, 1 ਅਕਤੂਬਰ (ਕੁਲਬੀਰ ਸਿੰਘ ਸੋਢੀ)- ਕਿਸਾਨਾਂ ਨੂੰ ਖਾਦਾਂ, ਕੀਟਨਾਸ਼ਕ ਤੇ ਨਾੜ-ਪਰਾਲੀ ਦੀ ਸੁਚੱਜੀ ਸੰਭਾਲ ਤੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਡਾ.ਬਲਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਲਗਾਇਆ ਗਿਆ । ਇਸ ਮੌਕੇ ਰਣਬੀਰ ਸਿੰਘ ਭੁੱਲਰ ਵਿਧਾਇਕ ਫ਼ਿਰੋਜ਼ਪੁਰ (ਸ਼ਹਿਰੀ), ਫ਼ੌਜਾ ਸਿੰਘ ਸਰਾਰੀ ਵਿਧਾਇਕ ਗੁਰੂਹਰਸਹਾਏ ਅਤੇ ਨਰੇਸ਼ ਕਟਾਰੀਆ ਵਿਧਾਇਕ ਜ਼ੀਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਭੁੱਲਰ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਧਰਤੀ, ਪਾਣੀ ਤੇ ਹਵਾ ਕੁਦਰਤ ਵਲੋਂ ਮਨੁੱਖ ਨੂੰ ਦਿੱਤੀਆਂ ਬੇਸ਼ਕੀਮਤੀ ਨਿਆਮਤਾਂ ਹਨ ਜਿਨ੍ਹਾਂ ਦੀ ਰਾਖੀ ਤੇ ਸਾਂਭ-ਸੰਭਾਲ ਕਰਨਾ ਸਾਡਾ ਫ਼ਰਜ਼ ਬਣਦਾ ਹੈ। ਉਨ੍ਹਾਂ ਨੇ ਸਰਕਾਰ ਵਲੋਂ ਕਿਸਾਨ ਹਿੱਤ ਵਿਚ ਲਾਗੂ ਕੀਤੀਆਂ ਗਈਆਂ ਸਕੀਮਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਵੀ ਕੀਤਾ ਗਿਆ। ਕ੍ਰਿਸ਼ਨਾਪਾਲ ਰਾਜਪੂਤ ਵਧੀਕ ਡਿਪਟੀ ਕਮਿਸ਼ਨਰ(ਵਿ) ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਸਰਕਾਰ ਵਲੋਂ ਚੱਲ ਰਹੀਆਂ ਵੱਖ-ਵੱਖ ਗਤੀਵਿਧੀਆਂ ਅਤੇ ਸਕੀਮ ਦਾ ਲਾਭ ਲੈਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਹਰ ਸੰਭਵ ਤਰੀਕੇ ਨਾਲ ਕਿਸਾਨਾਂ ਨਾਲ ਹਾਜ਼ਰ ਹੈ ਅਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤਾਂ ਵਿਚ ਗਾਲਣ ਜਾਂ ਗੱਠਾਂ ਬਣਾਉਣ ਦੀ ਅਪੀਲ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਹਾੜੀ ਰੁੱਤੇ ਲੋੜੀਂਦੀਆਂ ਖਾਦਾਂ ਸਹਿਤ ਮਿਆਰੀ ਖੇਤੀ ਇਨਪੁੱਟ ਦੀ ਸਪਲਾਈ ਯਕੀਨੀ ਬਣਾਉਣ ਦਾ ਹਰ ਹੀਲਾ ਕੀਤਾ ਜਾ ਰਿਹਾ ਹੈ। ਇਸੇ ਉਦੇਸ਼ ਨਾਲ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਅਗਾਉਂ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਲਈ ਲੋੜੀਂਦੀਆਂ ਖਾਦਾਂ ਜਿਵੇਂ ਕਿ ਡੀ.ਏ.ਪੀ ਦੀ ਕਿਸਾਨਾਂ ਲਈ ਉਪਲਬਧਤਾ ਮੁੱਖ ਰੱਖਦੇ ਹੋਏ 10000 ਮੈਟ੍ਰਿਕ ਟਨ ਡੀ.ਏ.ਪੀ ਜ਼ਿਲ੍ਹੇ ਵਿਚ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ‘ਆਤਮਾ’ ਸਕੀਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ 7 ਐਕਸਪੋਜ਼ਰ ਵਿਜ਼ਿਟ, 02 ਖੇਤੀਬਾੜੀ ਵਿਗਿਆਨੀ ਤੇ ਕਿਸਾਨ ਮਿਲਣੀਆਂ, 06 ਬਲਾਕ ਪੱਧਰੀ ਕਿਸਾਨ ਗੋਸ਼ਟੀਆਂ ਤੇ 24 ਬਲਾਕ ਪੱਧਰੀ ਫਾਰਮ ਟਰੇਨਿੰਗ ਅਤੇ 35 ਪ੍ਰਦਰਸ਼ਨੀ ਪਲਾਟ ਕਰਵਾ ਕੇ ਕਿਸਾਨਾਂ ਨੂੰ ਵੱਖ-ਵੱਖ ਵਿਸ਼ਿਆਂ ਉਪ ਟਰੇਨਿੰਗ ਮੁਹੱਈਆ ਕਰਵਾਈ ਗਈ ਹੈ। ਵਿਭਾਗੀ ਪ੍ਰਦਰਸ਼ਨੀਆਂ ਜਿਨ੍ਹਾਂ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ, ਮਿਲਕਫੈੱਡ, ਮਾਰਕਫੈੱਡ, ਇਫ਼ਕੋ, ਕਭਿਕਰੋ, ਮੱਛੀ ਪਾਲਨ ਤੇ ਹੋਰ ਵਿਭਾਗਾਂ ਦੀਆਂ ਪ੍ਰਦਰਸ਼ਨੀਆਂ ਸ਼ਾਮਲ ਸਨ, ਜੋ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸ ਤੋਂ ਇਲਾਵਾ ਚੋਣਵੀਆਂ ਪ੍ਰਾਈਵੇਟ ਕੰਪਨੀਆਂ ਦੁਆਰਾ ਵੀ ਖੇਤੀ ਇਨਪੁੱਟਸ ਬੀਜ, ਖਾਦ, ਦਵਾਈਆਂ, ਸੰਦ ਮਸ਼ੀਨਾਂ ਆਦਿ ਦੇ ਸਟਾਲ ਲਗਾਏ ਗਏ। ਕੈਂਪ ਵਿਚ ਖੇਤੀਬਾੜੀ ਵਿਭਾਗ ਵਲੋਂ ਸਤਿੰਦਰਪਾਲ ਸਿੰਘ, ਖੇਤੀ ਇੰਜੀਨੀਅਰ, ਡਾ.ਅਮਿੱਤ ਪੁੰਜ, ਵਿਸ਼ਾ ਵਸਤੂ ਮਾਹਿਰ, ਸਾਵਨਦੀਪ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ਆਤਮਾ, ਰਾਜੇਸ਼ ਕੁਮਾਰ ਅੰਕੜਾ ਅਫ਼ਸਰ ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਵਲੋਂ ਖੇਤੀ ਸਬੰਧੀ ਕਿਸਾਨਾਂ ਨੂੰ ਭਰਪੂਰ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਦਿਲਬਾਗ ਸਿੰਘ ਨੰਢਾ, ਬਲਰਾਜ ਸਿੰਘ ਕਟੋਰਾ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਹਿਮਾਂਸ਼ੂ ਠੱਕਰ ਅਤੇ ਗੁਰਭੇਜ ਸਿੰਘ ਵੀ ਹਾਜ਼ਰ ਸਨ।