ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮੌਕੇ ਪੁਲਿਸ ਤੇ ਸਿਵਲ ਅਧਿਕਾਰੀਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਦੇਸ਼ ਦੀ ਏਕਤਾ, ਅਖੰਡਤਾ ਤੇ ਅਮਨ-ਸ਼ਾਂਤੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਜਵਾਨਾਂ ਦੀ ਯਾਦ ਵਿਚ ਪੁਲਿਸ ਲਾਈਨ ਫ਼ਿਰੋਜ਼ਪੁਰ ਵਿਖੇ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ। ਇਸ ਮੌਕੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦੀ ਸਮਾਰਕ ’ਤੇ ਫੁੱਲ-ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਫ਼ਿਰੋਜ਼ਪੁਰ, 21 ਅਕਤੂਬਰ (ਗੁਰਿੰਦਰ ਸਿੰਘ)- ਦੇਸ਼ ਦੀ ਏਕਤਾ, ਅਖੰਡਤਾ ਤੇ ਅਮਨ-ਸ਼ਾਂਤੀ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੁਲਿਸ ਜਵਾਨਾਂ ਦੀ ਯਾਦ ਵਿਚ ਪੁਲਿਸ ਲਾਈਨ ਫ਼ਿਰੋਜ਼ਪੁਰ ਵਿਖੇ ਰਾਸ਼ਟਰੀ ਪੁਲਿਸ ਯਾਦਗਾਰ ਦਿਵਸ ਮਨਾਇਆ ਗਿਆ। ਇਸ ਮੌਕੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਸ਼ਹੀਦੀ ਸਮਾਰਕ ’ਤੇ ਫੁੱਲ-ਮਾਲਾਵਾਂ ਭੇਟ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਨਮਨ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਡੀ.ਐੱਸ.ਪੀ. ਕਰਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਜਵਾਨਾਂ ਨੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਜਦਕਿ ਹਾਜ਼ਰ ਅਧਿਕਾਰੀਆਂ ਤੇ ਮਹਿਮਾਨਾਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡੀ.ਆਈ.ਜੀ. ਸਨੇਹਦੀਪ ਸ਼ਰਮਾ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਅਮਨ-ਸ਼ਾਂਤੀ ਦੀ ਰਾਖੀ ਲਈ ਸ਼ਹਾਦਤਾਂ ਦੇਣ ਵਾਲੇ ਪੁਲਿਸ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾਂ ਤਤਪਰ ਰਹੇਗੀ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਪੁਲਿਸ ਹਰ ਔਖੀ ਘੜੀ ਵਿਚ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਮੰਚ ਸੰਚਾਲਨ ਦੀ ਭੂਮਿਕਾ ਲਖਵੀਰ ਸਿੰਘ ਨੇ ਨਿਭਾਈ। ਸਮਾਗਮ ਉਪਰੰਤ ਡੀ.ਆਈ.ਜੀ. ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫਿਰੋਜ਼ਪੁਰ ਅਨੂਪ ਸਿੰਘ, ਐੱਸ.ਪੀ. ਮਨਜੀਤ ਸਿੰਘ, ਐੱਸ.ਪੀ. (ਐੱਚ) ਬਲਜੀਤ ਸਿੰਘ, ਡੀ.ਐੱਸ.ਪੀ. ਸੁਖਵਿੰਦਰ ਸਿੰਘ, ਡੀ.ਐੱਸ.ਪੀ. ਬਰਜਿੰਦਰ ਸਿੰਘ, ਡੀ.ਐੱਸ.ਪੀ. ਜ਼ੀਰਾ ਜਸਪਾਲ ਸਿੰਘ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ, ਹੋਮਗਾਰਡਜ਼ ਦੇ ਜਵਾਨ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।