15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਰੁਜ਼ਗਾਰ ਦੇਣ ਵਾਲੇ ਬਣਾਉਣਾ ਸਰਕਾਰ ਦਾ ਮੁੱਖ ਟੀਚਾ : ਮੁੱਖ ਮੰਤਰੀ

ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਸਗੋਂ ਰੁਜ਼ਗਾਰ ਦੇਣ ਵਾਲੇ ਬਣਾਉਣਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਸਿੱਖਿਆ, ਤਕਨੀਕੀ ਸਿਖਲਾਈ, ਹੁਨਰ ਵਿਕਾਸ ਅਤੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਡਿਗਰੀ ਵੰਡ ਸਮਾਗਮਾਂ ’ਚ ਹਾਜ਼ਰ ਵਿਦਿਆਰਥੀ। 15-11-2026

ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ ਸਗੋਂ ਰੁਜ਼ਗਾਰ ਦੇਣ ਵਾਲੇ ਬਣਾਉਣਾ ਹੈ। ਇਸ ਟੀਚੇ ਦੀ ਪ੍ਰਾਪਤੀ ਲਈ ਸਿੱਖਿਆ, ਤਕਨੀਕੀ ਸਿਖਲਾਈ, ਹੁਨਰ ਵਿਕਾਸ ਅਤੇ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰਾਂ ਵਿਚ ਉੱਚ ਸਿੱਖਿਆ ਦੇ ਪਸਾਰ ਨਾਲ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੁੱਲ੍ਹ ਰਹੇ ਹਨ। ਉਹ ਅੱਜ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਦੀ ਪਹਿਲੀ ਕਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਮੁੱਖ ਮੰਤਰੀ ਨੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਬਜਟ ਦਾ 26 ਫ਼ੀਸਦੀ ਹਿੱਸਾ ਇਸ ਖੇਤਰ ਲਈ ਰੱਖਿਆ ਗਿਆ ਹੈ। ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਲ 2021 ਵਿਚ ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਸੀ ਜਦਕਿ ਇਸ ਵਾਰ ਇਹ ਗਿਣਤੀ ਵਧ ਕੇ 882 ਹੋ ਗਈ ਹੈ। ਇਹ ਪ੍ਰਾਪਤੀ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਸੁੱਧਰ ਰਹੇ ਮਿਆਰ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ 98 ਏਕੜ ਵਿਚ ਸਥਾਪਤ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਚ ਇਸ ਸਮੇਂ 2600 ਤੋਂ ਵੱਧ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ ਅਤੇ ਅਗਲੇ ਸਾਲ ਤੱਕ ਇਹ ਗਿਣਤੀ ਦੁੱਗਣੀ ਹੋਣ ਦੀ ਉਮੀਦ ਹੈ। ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਇਹ ਸੰਸਥਾ ਚਾਨਣ ਮੁਨਾਰੇ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਕੇ ਸੰਸਥਾ ਦਾ ਮਾਣ ਵਧਾਇਆ ਹੈ।। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰਵਾਇਤੀ ਕਿੱਤਿਆਂ ਤੱਕ ਸੀਮਤ ਨਾ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਡਾਕਟਰ ਅਤੇ ਇੰਜੀਨੀਅਰ ਬਣਨ ਤੋਂ ਇਲਾਵਾ ਖੇਡਾਂ, ਕਾਰੋਬਾਰ, ਤਕਨੀਕੀ ਖੇਤਰ ਅਤੇ ਹੋਰ ਕਿੱਤਿਆਂ ਵਿਚ ਵੀ ਬੇਅੰਤ ਸੰਭਾਵਨਾਵਾਂ ਹਨ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਦੀ ਰੁਚੀ ਅਤੇ ਸਮਰੱਥਾ ਅਨੁਸਾਰ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਅਤੇ ਉਨ੍ਹਾਂ ਨੂੰ ਸਹੀ ਮਾਰਗ ਦਰਸ਼ਨ ਤੇ ਮੌਕਿਆਂ ਦੀ ਲੋੜ ਹੈ। ਖੇਡਾਂ ਦੇ ਖੇਤਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਖੇਡਾਂ ਲਈ 1794 ਕਰੋੜ ਰੁਪਏ ਰੱਖੇ ਹਨ। ਪੰਜਾਬ ਨੇ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਰਗੇ ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਸ਼ੇਸ਼ ਜਾਗਰੂਕਤਾ ਅਤੇ ਤਿਆਰੀ ਕੈਂਪ ਲਗਾਏ ਜਾਣਗੇ। ਉਨ੍ਹਾਂ ਗ੍ਰੈਜੂਏਟ ਵਿਦਿਆਰਥੀਆਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣ, ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਪੰਜਾਬ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਇਕ ਰਜਨੀਸ਼ ਦਹੀਆ, ਰਣਬੀਰ ਸਿੰਘ ਭੁੱਲਰ, ਫੌਜਾ ਸਿੰਘ ਸਰਾਰੀ, ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡੀ.ਆਈ.ਜੀ ਸਨੇਹ ਦੀਪ ਸ਼ਰਮਾ, ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ, ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਸੁਰੇਸ਼ ਕੁਮਾਰ ਸ਼ਰਮਾ, ਮਨੀਸ਼ ਕੁਮਾਰ, ਪ੍ਰੋ. ਸੁਸ਼ੇਂਦਰ ਕੁਮਾਰ ਮਿਸ਼ਰਾ, ਡਾ. ਰਾਜੀਵ ਕੁਮਾਰ ਗਰਗ ਅਤੇ ਰਜਿਸਟਰਾਰ ਡਾ. ਰਾਜੀਵ ਅਰੋੜਾ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਪਿਛਲੀ ਖ਼ਬਰ ਕੌਮਾਂਤਰੀ ਸਰਹੱਦ ’ਤੇ ਡਰੋਨ ਗਤੀਵਿਧੀ ਤੋਂ ਬਾਅਦ ਬੀ.ਐੱਸ.ਐੱਫ. ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਕਰੋੜਾਂ ਦੀ ਹੈਰੋਇਨ ਬਰਾਮ... ਅਗਲੀ ਖ਼ਬਰ ਨਾਜਾਇਜ਼ ਪਿਸਤੌਲ, ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸਾਂ ਸਮੇਤ ਵਿਅਕਤੀ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।