ਬਠਿੰਡਾ, 1 ਅਪ੍ਰੈਲ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ 6 ਅਪ੍ਰੈਲ ਨੂੰ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਧਰਨੇ ਸੰਬੰਧੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਥਾਨਕ ਟੀਚਰ ਹੋਮ ਵਿਖੇ ਹੋਈ | ਇਸ ਦੌਰਾਨ ਕਰਜ਼ੇ ਦੇ ਬੋਝ ਕਾਰਨ ਪਿੰਡ ਹਰੀ ਨੌਂ ਦੇ ਖ਼ੁਦਕੁਸ਼ੀ ਕਰਨ ਵਾਲੇ ਦੋ ਸਕੇ ਕਿਸਾਨ ਭਰਾਵਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਭਾਕਿਯੂ ਡਕੌਂਦਾ ਦੇ ਸੂਬਾ ਉੱਪ-ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਜਗਸੀਰ ਸਿੰਘ ਝੁੰਬਾ ਭਾਕਿਯੂ ਉਗਰਾਹਾਂ, ਅਮਰਜੀਤ ਹਨੀ, ਸੁਖਮਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਜਮਹੂਰੀ ਕਿਸਾਨ ਸਭਾ, ਗੁਰਦੇਵ ਸਿੰਘ ਖ਼ਾਲਸਾ ਕਿਰਤੀ ਕਿਸਾਨ ਯੂਨੀਅਨ ਅਤੇ ਬੇਅੰਤ ਸਿੰਘ ਮਹਿਮਾ ਸਰਜਾ ਭਾਕਿਯੂ ਸਿੱਧੂਪੁਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਲਗਾਤਾਰ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਆਮ ਲੋਕਾਂ ਵਿਰੋਧੀ ਨੀਤੀਆਂ ਲਾਗੂ ਕਰ ਰਹੀਆਂ ਹਨ, ਜਿਸ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਨੇ 6 ਅਪ੍ਰੈਲ ਨੂੰ ਪੰਜਾਬ ਭਰ ਵਿਚ ਜ਼ਿਲ੍ਹਾ ਮੁੱਖ ਦਫ਼ਤਰਾਂ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ | ਉਨ੍ਹਾਂ ਕਿਹਾ ਕਿ ਇਸੇ ਕੜੀ ਤਹਿਤ 6 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਠਿੰਡਾ ਦੇ ਸਾਹਮਣੇ ਜ਼ਿਲ੍ਹਾ ਪੱਧਰੀ ਰੋਸ ਧਰਨਾ ਲਗਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ | ਉਨ੍ਹਾਂ ਮੋਰਚੇ ਵਿਚ ਸ਼ਾਮਲ ਸਮੂਹ ਕਿਸਾਨ-ਮਜ਼ਦੂਰ ਧਿਰਾਂ ਨੂੰ ਵੱਡੀ ਗਿਣਤੀ ਵਿਚ ਪੁੱਜਣ ਦਾ ਸੱਦਾ ਦਿੱਤਾ |