28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਜਨਤਕ ਜਥੇਬੰਦੀਆਂ ਦੇ ਸਾਂਝੇ ਮੰਚ ਨੇ ਕਾਲਾ ਦਿਵਸ ਮਨਾਉਂਦੇ ਹੋਏ ਕਿਰਤ ਕੋਡ ਲਾਗੂ ਕਰਨ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ <br/>

ਬਠਿੰਡਾ 'ਚ ਰੋਸ ਪ੍ਰਦਰਸ਼ਨ ਕਰਦੇ ਹੋਏ ਜਨਤਕ ਜਥੇਬੰਦੀਆਂ ਦੇ ਕਾਰਕੁੰਨ | ਤਸਵੀਰ : ਲਵਲੀ <br/> 02-04-2026
ਬਠਿੰਡਾ, 1 ਅਪ੍ਰੈਲ (ਸਿਵੀਆਂ)-ਕੇਂਦਰੀ ਟਰੇਡ ਯੂਨੀਅਨਾਂ ਅਤੇ ਐਸ.ਕੇ.ਐਮ. ਵਲੋਂ ਇਕ ਅਪ੍ਰੈਲ ਨੂੰ ਕਾਲੇ ਦਿਵਸ ਵਜੋਂ ਮਨਾਉਂਦੇ ਹੋਏ ਚਾਰ ਕਿਰਤ ਕੋਡ ਲਾਗੂ ਕੀਤੇ ਜਾਣ ਵਿਰੁੱਧ ਬਠਿੰਡਾ 'ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਨਤਕ ਜਥੇਬੰਦੀਆਂ ਦੇ ਸਾਂਝਾ ਮੰਚ (ਜੇ.ਪੀ.ਐਮ.ਓ.) ਵਲੋਂ ਸਥਾਨਕ ਡਾ. ਅੰਬੇਦਕਰ ਪਾਰਕ ਵਿਖੇ ਰੋਸ ਰੈਲੀ ਕਰਨ ਉਪਰੰਤ ਬੱਸ ਅੱਡੇ ਤੱਕ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ, ਜਿਸ ਦੌਰਾਨ ਮਜ਼ਦੂਰਾਂ-ਕਿਸਾਨਾਂ, ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਹੱਥਾਂ 'ਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਲੋਕ ਦੋਖੀ ਕਿਰਦਾਰ ਨੂੰ ਬੇਪਰਦ ਕਰਦੀਆਂ ਤਖ਼ਤੀਆਂ ਫੜ੍ਹ ਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ |ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜੇ.ਪੀ.ਐਮ.ਓ. ਦੇ ਸੂਬਾ ਕੋਆਰਡੀਨੇਟਰ ਮਹੀਪਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਉੱਪ- ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ, ਜਮਹੂਰੀ ਕਿਸਾਨ ਸਭਾ ਦੇ ਵਿੱਤ ਸਕੱਤਰ ਮਲਕੀਤ ਸਿੰਘ ਮਹਿਮਾ ਸਰਜਾ ਅਤੇ ਪੈਨਸ਼ਨਰਾਂ ਦੇ ਆਗੂਆਂ ਕਿਸ਼ੋਰ ਚੰਦ ਗ਼ਾਜ਼ ਤੇ ਹਰੀ ਸਿੰਘ ਸੈਣੀ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਲੋਕ ਮਾਰੂ ਫ਼ੈਸਲੇ ਲਏ ਜਾ ਰਹੇ ਹਨ, ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ਹੈ | ਉਨ੍ਹਾਂ ਮੰਗ ਕੀਤੀ ਕਿ ਚਾਰ ਕਿਰਤ ਕੋਡ ਰੱਦ ਕਰਕੇ ਪੁਰਾਣਾ ਕਿਰਤ ਕਾਨੂੰਨ ਬਹਾਲ ਕੀਤਾ ਜਾਵੇ, ਪੁਰਾਣਾ ਮਨਰੇਗਾ ਕਾਨੂੰਨ ਮੁੜ ਬਹਾਲ ਕੀਤਾ ਜਾਵੇ, ਪ੍ਰਸਤਾਵਿਤ ਬਿਜਲੀ ਸੋਧ ਬਿਲ 2025 ਤੇ ਬੀਜ ਸੋਧ ਬਿਲ ਰੱਦ ਕੀਤਾ ਜਾਵੇ, ਕੇਂਦਰ ਤੇ ਪੰਜਾਬ ਸਰਕਾਰਾਂ ਵਲੋਂ ਘੜੇ ਸਾਰੇ ਕਾਲੇ ਕਾਨੂੰਨ ਖ਼ਾਰਜ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਕੱਚੇ ਕਾਮੇ, ਠੇਕਾ ਕਰਮੀ, ਮਾਣਭੱਤਾ ਤੇ ਸਕੀਮ ਵਰਕਰ ਪੱਕੇ ਕੀਤੇ ਜਾਣ, ਨਹੀਂ ਤਾਂ ਸਾਂਝਾ ਮੰਚ ਸੰਘਰਸ਼ ਨੂੰ ਹੋਰ ਤੇਜ ਕਰੇਗਾ | ਇਸ ਮੌਕੇ ਗੁਰਮੀਤ ਸਿੰਘ, ਸੁਖਚੈਨ ਸਿੰਘ, ਸੱਤਪਾਲ ਗੋਇਲ, ਦਰਸ਼ਨ ਰਾਮ ਸ਼ਰਮਾ, ਹੰਸ ਰਾਜ ਬੀਜਵਾ, ਗੁਰਚਰਨ ਸਿੰਘ ਕੋਟੜਾ, ਮੇਜਰ ਸਿੰਘ ਚੱਠਾ ਤੇ ਨਾਇਬ ਸਿੰਘ ਔਲਖ ਸਮੇਤ ਵੱਡੀ ਗਿਣਤੀ 'ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਸੰਗਤ ਮੰਡੀ ਇਲਾਕੇ ਦੇ ਪਿੰਡਾਂ ਵਿਚ ਗੜੇਮਾਰੀ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਪੀੜਤ ਕਿਸਾਨਾਂ ਵਲੋਂ ਸਪੈਸ਼ਲ ਗਿਰਦਾਵਰੀ... ਅਗਲੀ ਖ਼ਬਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਡੀਲਰਾਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।