ਲਹਿਰਾ ਮੁਹੱਬਤ, 7 ਮਈ (ਸੁਖਪਾਲ ਸਿੰਘ ਸੁੱਖੀ)- ਜੀ.ਐੱਚ.ਟੀ.ਪੀ ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ 9 ਅਤੇ 10 ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਗੇਟ ਰੈਲੀ ਕਰਕੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ | ਇਸ ਸਮੇਂ ਮੋਰਚੇ ਦੇ ਸੂਬਾ ਆਗੂ ਜਗਰੂਪ ਸਿੰਘ, ਜਗਸੀਰ ਭੰਗੂ, ਹਰਦੀਪ ਤੱਗੜ, ਬਲਜਿੰਦਰ ਮਾਨ ਅਤੇ ਲਛਮਣ ਰਾਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿਚ ਰੱਖਕੇ ਬੁੱਤਾ ਸਾਰ ਰਹੀ ਹੈ | ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਚੋਂ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜਬੂਰ ਕੀਤਾ ਹੋਇਆ ਹੈ | ਸਮੂਹ ਸਰਕਾਰੀ ਵਿਭਾਗਾਂ ਵਿਚ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖ਼ਾਹਾਂ 'ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਲਈ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਕੋਈ ਵੀ ਨੀਤੀ ਨਹੀਂ ਬਣਾਈ | ਜਿਸ ਦੇ ਵਿਰੋਧ ਵਜੋਂ ਮੋਰਚੇ ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵਲੋਂ 9 ਅਤੇ 10 ਮਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਦਿੜਬਾ ਸਥਿਤ ਦਫ਼ਤਰ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਦੋ ਰੋਜ਼ਾ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ, ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ 'ਤੇ ਵਿਭਾਗਾਂ ਵਿਚ ਪੱਕਾ ਕਰਨ, ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ 'ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਗੁਜ਼ਾਰਾ ਫ਼ੰਡ ਦੇਣਾ ਯਕੀਨੀ ਬਣਾਇਆ ਜਾਵੇ |
ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਦੇ ਲਾਰਿਆਂ ਦੀ ਨੀਤੀ ਖਿਲਾਫ ਸੂਬਾ ਪੱਧਰੀ ਧਰਨੇ ਦਾ ਐਲਾਨ <br/>
ਸੰਘਰਸ਼ ਦਾ ਐਲਾਨ ਕਰਨ ਸਮੇਂ ਪ੍ਰਧਾਨ ਜਗਰੂਪ ਸਿੰਘ ਸੰਬੋਧਨ ਕਰਦੇ ਹੋਏ | ਤਸਵੀਰ: ਸੁਖਪਾਲ ਸਿੰਘ ਸੁੱਖੀ<br/>
08-05-2026