ਪੰਜਾਬ 'ਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਬਠਿੰਡਾ ਪੁਲਿਸ ਨੇ ਚੌਕਸੀ ਵਧਾਈ
ਅਜੀਤ ਡੈਸਕ
08-05-2026
ਬਠਿੰਡਾ, 7 ਮਈ (ਵੀਰਪਾਲ ਸਿੰਘ)-ਬਠਿੰਡਾ ਦੇ ਪ੍ਰਮੁੱਖ ਜ਼ਿਲਿ੍ਹਆਂ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਜਲੰਧਰ ਵਿਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਬਠਿੰਡਾ ਪੁਲਿਸ ਵਲੋਂ ਜ਼ਿਲ੍ਹੇ ਵਿਚ ਚੌਕਸੀ ਵਧਾ ਦਿੱਤੀ ਗਈ ਹੈ | ਬਠਿੰਡਾ ਪੁਲਿਸ ਵਲੋਂ ਸ਼ਹਿਰ ਦੇ ਪਹੁੰਚ ਮਾਰਗਾਂ 'ਤੇ ਨਾਕਾਬੰਦੀ ਕਰਦੇ ਸ਼ਹਿਰ ਵਿਚ ਆਉਣ ਵਾਲੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ | ਸ਼ਹਿਰ ਦੀਆਂ ਪ੍ਰਮੁੱਖ ਸੰਵੇਦਨਸ਼ੀਲ ਥਾਵਾਂ ਬੱਸ ਸਟੈਂਡ, ਰੇਲਵੇ ਸਟੇਸ਼ਨ 'ਤੇ ਪੁਲਿਸ ਦੀ ਨਿਗਰਾਨੀ ਤੇਜ਼ ਕਰ ਦਿੱਤੀ ਹੈ | ਇਨ੍ਹਾਂ ਥਾਵਾਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ | ਬਠਿੰਡਾ ਜ਼ਿਲ੍ਹੇ ਵਿਚ ਆਉਣ ਵਾਲੇ ਸਮੂਹ ਨੈਸ਼ਨਲ ਅਤੇ ਰਾਜ ਮਾਰਗਾਂ ਤੋਂ ਸ਼ਹਿਰ ਵਿਚ ਪ੍ਰਵੇਸ਼ ਕਰਨ ਵਾਲੇ ਵਾਹਨਾਂ 'ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ | ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਰੇਲਵੇ ਸਟੇਸ਼ਨ ਅਤੇ ਦੋ ਸਕੂਲਾਂ 'ਚ ਬੰਬ ਧਮਾਕੇ ਕਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ ਅਤੇ ਭਾਰੀ ਅਸਲੇ ਸਮੇਤ ਦੋ ਵਿਅਕਤੀਆਂ ਨੂੰ ੂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਵਲੋਂ ਪੰਜਾਬ ਵਿਚ ਵਾਪਰੀਆਂ ਤਾਜ਼ਾ ਘਟਨਾਵਾਂ ਨੂੰ ਵੇਖਦਿਆਂ ਹੋਇਆ ਸ਼ਹਿਰ ਵਿਚ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਨੂੰ ਕਾਬੂ ਵਿਚ ਰੱਖਣ ਲਈ ਜ਼ਿਲ੍ਹਾ ਪੁਲਿਸ ਮੁੱਖੀ ਜਯੋਤੀ ਯਾਦਵ ਵਲੋਂ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਬਠਿੰਡਾ ਵਿਚ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ | ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ |