ਬਠਿੰਡਾ, 7 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਰਕਾਰ ਵਲੋਂ ਵੈਸਾਖੀ ਦੇ ਪਵਿੱਤਰ ਤਿਉਹਾਰ ਮੌਕੇ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ-2026' ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਭਰ ਵਿਚ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ | ਇਸੇ ਤਹਿਤ ਅੱਜ ਇਹ ਯਾਤਰਾ ਬਠਿੰਡਾ ਪਹੁੰਚੇਗੀ, ਜਿੱਥੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕਰਨ ਦੀ ਤਿਆਰੀ ਕੀਤੀ ਗਈ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬੱਲੀ ਬਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਨੂੰ ਰੋਕਣ ਸੰਬੰਧੀ ਇਸ ਬਿੱਲ ਦੇ ਪਾਸ ਹੋਣ 'ਤੇ ਮੁੱਖ ਮੰਤਰੀ ਵਲੋਂ ਪੰਜਾਬ ਅੰਦਰ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ | ਇਹ ਸ਼ੁਕਰਾਨਾ ਯਾਤਰਾ ਤਖ਼ਤ ਸ੍ਰੀ ਕੇਸ਼ਗੜ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਤੋਂ ਹੁੰਦੀ ਹੋਈ ਅੱਜ ਬਠਿੰਡਾ ਰਾਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚੇਗੀ | ਚੇਅਰਮੈਨ ਬੱਲੀ ਬਲਜੀਤ ਸਿੰਘ ਨੇ ਕਿਹਾ ਕਿ ਬਠਿੰਡਾ ਦੇ ਅਮਰੀਕ ਸਿੰਘ ਰੋਡ 'ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਨਗਰ ਨਿਵਾਸੀਆਂ ਵਲੋਂ ਮੁੱਖ ਮੰਤਰੀ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਜਾਵੇਗਾ |