ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ
ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ, ਲਾਸਾਨੀ ਯੋਧੇ, ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਅੱਜ ਤਖਤ ਸਾਹਿਬ ਦੇ ਇਤਿਹਾਸਿਕ ઠ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਦੇ ਅਸਥਾਨ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ)- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ, ਲਾਸਾਨੀ ਯੋਧੇ, ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਅੱਜ ਤਖਤ ਸਾਹਿਬ ਦੇ ਇਤਿਹਾਸਿਕ ઠ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ ਜੀ ਦੇ ਅਸਥਾਨ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਮੁੱਖ ਕਥਾਵਾਚਕ ਗਿਆਨੀ ਆਲਮ ਸਿੰਘ ਨੇ ਪਵਿੱਤਰ ਹੁਕਮਨਾਮਾ ਸਰਵਣ ਕਰਵਾਇਆ। ਸਮਾਗਮ ਦੌਰਾਨ ਹਜ਼ੂਰੀ ਰਾਗੀ ਜਥਾ ਭਾਈ ਬਿੰਦਰ ਸਿੰਘ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਅਤੇ ਸਿੱਖ ਕੌਮ ਪ੍ਰਤੀ ਉਨ੍ਹਾਂ ਦੇ ਮਹਾਨ ਯੋਗਦਾਨ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਸਿੰਘ ਸਾਹਿਬ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਬਾਬਾ ਦੀਪ ਸਿੰਘ ਜੀ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿਚ ਇੱਕ ਅਜਿਹੀ ਅਦੁੱਤੀ ਮਿਸਾਲ ਹੈ, ਜਿੱਥੇ ਉਨ੍ਹਾਂ ਨੇ ਆਪਣੇ ਕੀਤੇ ਹੋਏ ਅਰਦਾਸੇ ਨੂੰ ਪੂਰਾ ਕਰਨ ਲਈ ਸੀਸ ਤਲੀ ‘ਤੇ ਧਰਕੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਕਾਇਮ ਰੱਖੀ। ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਜ਼ੁਲਮ ਵਿਰੁੱਧ ਡਟਣ, ਧਰਮ ‘ਤੇ ਪਹਿਰਾ ਦੇਣ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀ ਰਹੇਗੀ। ਇਸ ਮੌਕੇ ਨਰਿੰਦਰਜੀਤ ਸਿੰਘ ਮੈਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਭਾਈ ਬਲਦੀਪ ਸਿੰਘ ਜਥਾ ਮਹਿਤਾ ਦੇ ਸਿੰਘ ਅਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।