ਬਠਿੰਡਾ, 17 ਮਈ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਮਿੳਾੂਸੀਪਲ ਵਰਕਰਜ਼ ਯੂਨੀਅਨ ਅਤੇ ਪੰਜਾਬ ਰਿਟਾਇਰਡ ਮਿੳਾੂਸੀਪਲ ਵਰਕਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਮੋਰਚਾ ਖੋਲ੍ਹਦਿਆਂ ਆਉਂਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਸਖ਼ਤ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ | ਯੂਨੀਅਨ ਦੇ ਸੂਬਾ ਚੇਅਰਮੈਨ ਜਨਕ ਰਾਜ ਮਾਨਸਾ ਅਤੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਬਠਿੰਡਾ ਨੇ ਦੱਸਿਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ 60 ਫ਼ੀਸਦੀ ਡੀ.ਏ. ਦੇ ਰਹੀ ਹੈ, ਉੱਥੇ ਪੰਜਾਬ ਸਰਕਾਰ ਇਸ ਨੂੰ ਬੰਦ ਕਰਨ ਦੀ ਤਿਆਰੀ ਵਿਚ ਹੈ | ਕੱਚੇ ਮੁਲਾਜ਼ਮ ਅਤੇ ਹਜ਼ਾਰਾਂ ਸਫ਼ਾਈ ਕਰਮਚਾਰੀ ਅਤੇ ਹੋਰ ਮੁਲਾਜ਼ਮ ਲੰਬੇ ਸਮੇਂ ਤੋਂ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਜਾਰੀ ਹੈ | ਆਗੂਆਂ ਨੇ ਕਿਹਾ ਕਿ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਦੀਆਂ ਚੋਣਾਂ ਵਿਚ 'ਆਪ' ਉਮੀਦਵਾਰਾਂ ਨੂੰ ਵੋਟ ਨਹੀਂ ਪਾਈ ਜਾਵੇਗੀ | ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |