•ਸਿਵਲ ਹਸਪਤਾਲ ਦੇ ਬਾਹਰ ਸ਼ੱਕੀ ਨਸ਼ਾ ਵੇਚਣ ਵਾਲੇ ਪੁਲਿਸ ਹਿਰਾਸਤ ਵਿਚ ਲਏ
ਖੰਨਾ, 21 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਐਸ. ਐਸ. ਪੀ. ਡਾ. ਦਰਪਨ ਆਹਲੂਵਾਲੀਆ ਦੀ ਹਦਾਇਤ ਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਸਖ਼ਤ ਰਵੱਈਆ ਅਪਣਾਇਆ ਹੈ | ਅੱਜ ਪੁਲਿਸ ਨੇ ਸਿਵਲ ਹਸਪਤਾਲ ਖੰਨਾ ਦੇ ਬਾਹਰ ਸ਼ੱਕੀ ਗਤੀਵਿਧੀਆਂ ਵਿੱਚ ਸ਼ਾਮਲ ਕਈ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ | ਅਸਲ ਵਿਚ ਪੁਲਿਸ ਨੂੰ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁੱਝ ਨੌਜਵਾਨ ਦਿਨ ਭਰ ਹਸਪਤਾਲ ਦੇ ਬਾਹਰ ਖੜ੍ਹੇ ਰਹਿੰਦੇ ਹਨ ਅਤੇ ਨਸ਼ੀਲੀਆਂ ਗੋਲੀਆਂ ਵੇਚਦੇ ਹਨ |
ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਰਗੇ ਸੰਵੇਦਨਸ਼ੀਲ ਸਥਾਨਾਂ ਦੇ ਆਲੇ-ਦੁਆਲੇ ਨਸ਼ੀਲੇ ਪਦਾਰਥਾਂ ਦੀ ਵਿੱਕਰੀ ਕਾਰਨ ਨਾ ਸਿਰਫ਼ ਹਸਪਤਾਲ ਦਾ ਮਾਹੌਲ ਖ਼ਰਾਬ ਹੋ ਰਿਹਾ ਸੀ, ਸਗੋਂ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਖੰਨਾ ਪੁਲਿਸ ਨੇ ਕਾਰਵਾਈ ਦੀ ਯੋਜਨਾ ਤਿਆਰ ਕੀਤੀ |
ਪੁਲਿਸ ਦੀ ਇੱਕ ਟੀਮ ਨੇ ਅੱਜ ਅਚਾਨਕ ਸਿਵਲ ਹਸਪਤਾਲ ਦੇ ਬਾਹਰ ਪਹੁੰਚ ਕੇ ਜਾਂਚ ਅਭਿਆਨ ਚਲਾਇਆ | ਇਸ ਦੌਰਾਨ ਉੱਥੇ ਮੌਜੂਦ ਕਈ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਗਈ | ਸ਼ੱਕੀ ਪਾਏ ਜਾਣ 'ਤੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲਿਆਂਦਾ ਗਿਆ, ਜਿੱਥੇ ਅਗਲੇਰੀ ਜਾਂਚ ਜਾਰੀ ਹੈ | ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਿੱਥੋਂ ਹੋ ਰਹੀ ਸੀ ਅਤੇ ਕੀ ਇਸ ਦੇ ਪਿੱਛੇ ਕੋਈ ਵੱਡਾ ਗਰੋਹ ਸਰਗਰਮ ਹੈ | ਪੁਲਿਸ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਨਸ਼ਿਆਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਗਈ ਹੈ |
ਇਸ ਕਾਰਵਾਈ ਦਾ ਸਥਾਨਕ ਨਿਵਾਸੀਆਂ ਅਤੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਵਾਗਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਕਾਰਵਾਈ ਨਾਲ ਹਸਪਤਾਲ ਦੇ ਆਲੇ-ਦੁਆਲੇ ਬਣੇ ਡਰ ਦੇ ਮਾਹੌਲ ਨੂੰ ਖ਼ਤਮ ਕਰਨ ਵਿਚ ਮਦਦ ਮਿਲੇਗੀ | ਖੰਨਾ ਦੀ ਐਸ. ਐਸ. ਪੀ. ਡਾ. ਆਹਲੂਵਾਲੀਆ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਨਾਲ ਸਬੰਧਿਤ ਕਿਸੇ ਵੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ |
ਖੰਨਾ ਪੁਲਿਸ ਜ਼ਿਲੇ੍ਹ ਵਿਚ ਨਹੀਂ ਬਰਦਾਸ਼ਤ ਨਸ਼ੇ ਦੀ ਵਿਕਰੀ- ਡਾ. ਦਰਪਣ ਆਹਲੂਵਾਲੀਆ
ਅਜੀਤ ਡੈਸਕ
22-01-2026