ਸਿਹਤ ਬੀਮਾ ਯੋਜਨਾ ਦੇ ਸਿੱਧੇ ਪ੍ਰਸਾਰਣ ਦੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਅਗਵਾਈ
ਖੰਨਾ, 22 ਜਨਵਰੀ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 10 ਲੱਖ ਰੁਪਏ ਤੱਕ ਤੇ ਮੁਫ਼ਤ ਇਲਾਜ ਦੀ ਸਹੂਲਤ ਦੇ ਕੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ | ਇਹ ਗੱਲ ਅੱਜ ਇੱਥੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਹੀ | ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਬਣ ਗਿਆ ਹੈ, ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਹੈ | ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਲਹੇੜੀ ਚੌਂਕ, ਖੰਨਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਆਗਾਜ਼ ਪ੍ਰੋਗਰਾਮ ਦੇ ਆਨਲਾਈਨ ਪ੍ਰਸਾਰਣ ਕੀਤੇ ਜਾਣ ਦੇ ਸਥਾਨਕ ਸਮਾਗਮ ਦੀ ਪ੍ਰਧਾਨਗੀ ਕੀਤੀ | ਇਸ ਮੌਕੇ ਖੰਨਾ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੇ | ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਇਕ-ਇਕ ਕਰਕੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ | ਉਨ੍ਹਾਂ ਨੇ ਦੱਸਿਆ ਕਿ ਹੁਣ ਬਹੁਤ ਜਲਦ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ ਵਿਚ ਹੋਣਗੇ | ਇਸ ਸਿਹਤ ਕਾਰਡ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਲੋਕਾਂ 'ਤੇ ਪੈਂਦਾ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਵੇਗਾ | ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਭਲਾਈ ਨੂੰ ਪਹਿਲ ਦੇਣਾ ਹੈ |
10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਦੀ ਖੰਨਾ ਵਿਚ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਸ਼ੁਰੂਆਤ
ਅਜੀਤ ਡੈਸਕ
23-01-2026